
(ਜਗਸੀਰ ਸਿੰਘ) ਲਹਿਰਾਗਾਗਾ। ਅਕੈਡਮਿਕ ਵਰਲਡ ਸਕੂਲ, ਖੋਖਰ ਵਿਖੇ ਮਹਾਤਮਾ ਗਾਂਧੀ ਜੀ ਦੀ ਜਯੰਤੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਸਾਦਗੀ, ਸੱਚਾਈ ਅਤੇ ਅਹਿੰਸਾ ਦੇ ਸਿਧਾਂਤਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ-ਪ੍ਰਗਟਾਵੇ ਪੇਸ਼ ਕੀਤੇ। ਵਿਦਿਆਰਥੀਆਂ ਨੇ ਸਫ਼ਾਈ, ਸੱਚਾਈ ਅਤੇ ਅਹਿੰਸਾ ਦਾ ਸੰਦੇਸ਼ ਦਿੰਦਿਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤ ਅੱਜ ਵੀ ਸਾਡੇ ਜੀਵਨ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਕੇਸਰੀ ਦੇਵੀ ਨੇ ਵੀ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਸੱਚ ਬੋਲਣ ਅਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਗਈ। ਸਮੁੱਚਾ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼-ਪ੍ਰੇਮ, ਸਫ਼ਾਈ, ਸੱਚਾਈ ਅਤੇ ਅਹਿੰਸਾ ਦੀ ਭਾਵਨਾ ਪੈਦਾ ਕਰਨ ਦਾ ਸੁਨੇਹਾ ਦਿੰਦਿਆਂ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਮਨਪ੍ਰੀਤ, ਨੇਵੀ, ਵਿਦੁਸੀ, ਹਰਪ੍ਰੀਤ, ਰਮਨ, ਮਨਪ੍ਰੀਤ, ਜਸਪ੍ਰੀਤ, ਰੋਜੀ, ਲਵਦੀਪ, ਸੁਖਪ੍ਰੀਤ, ਅਮੀਸ਼ਾ, ਅਮਨ, ਕੋਮਲ, ਕਰਮ, ਸੰਦੀਪ, ਜਸਪ੍ਰੀਤ, ਗੁਰਲੀਨ ਆਦਿ ਸ਼ਾਮਲ ਸਨ।