
– ਸਕੂਲਾਂ ’ਚ ਵਿਦਿਆਰਥੀਆਂ ਨੂੰ ਵੈਕਸੀਨੇਸ਼ਨ ਲਈ ਜਾਗਰੂਕ ਕੀਤਾ ਜਾਵੇ
(ਸੁਰਿੰਦਰ ਸਿੰਘ ਸਿੱਧੂ) ਤਰਨ ਤਾਰਨ। ਜ਼ਿਲੇ ਵਿਚ ਬਿਹਤਰ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਜ਼ਿਲਾ ਸਿਹਤ ਅਤੇ ਸਿੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੀਮਾ, ਜ਼ਿਲਾ ਸਿੱਖਿਆ ਅਫਸਰ (ਐਲੀ) ਜਗਵਿੰਦਰ ਸਿੰਘ, ਡਿਪਟੀ ਡੀਈਓ ਗੁਰਬਚਨ ਸਿੰਘ ਸਮੇਤ ਐੱਸ.ਐੱਮ.ਓਜ਼. ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲੇ ਵਿਚ ਕੋਵਿਡ19 ਟੀਕਾਕਰਨ ਦੀ ਮੁਹਿੰਮ ਵਿਚ ਤੇਜੀ ਲਿਆਉਣ ਲਈ ਕਿਹਾ। ਉਨਾਂ ਕਿਹਾ ਕਿ ਕੋਵਿਡ19 ਟੀਕਾਕਰਨ ਸਬੰਧੀ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਲਗਾਏ ਜਾਣ ਅਤੇ ਨਾਲ ਹੀ ਟੀਕਾਕਰਨ ਟੀਮਾਂ ਵਿਚ ਵਾਧਾ ਕਰਕੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਟੀਕਾਕਰਨ ਵਿਚ ਕਵਰ ਕੀਤਾ ਜਾਵੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਨਾਂ ਨੇ ਕੋਵਿਡ19 ਵੈਕਸੀਨੇਸ਼ਨ ਨਹੀਂ ਕਰਵਾਈ ਉਹ ਆਪਣੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕੋਵਿਡ19 ਵਾਇਰਸ ਤੋਂ ਬਚਾਅ ਕੀਤਾ ਜਾ ਸਕੇ। ਇਸ ਦੌਰਾਨ ਉਨਾਂ ਮਲੇਰੀਆ ਅਤੇ ਡੇਂਗੂ ਸਬੰਧੀ ਗੱਲ ਕਰਦਿਆਂ ਵੀ ਲੋਕਾਂ ਨੂੰ ਇਨਾਂ ਬੀਮਾਰੀਆਂ ਤੋਂ ਬਚਾਓ ਸਬੰਧੀ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਪਾਣੀ ਖੜਾ ਨਾ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਬੁਖਾਰ, ਸਿਰ ਦਰਦ ਜਾਂ ਕੋਈ ਲੱਛਣ ਨਜਰ ਆਉਂਦੇ ਹਨ ਤਾਂ ਉਹ ਤੁਰੰਤ ਨਜਦੀਕੀ ਸਿਹਤ ਕੇਂਦਰ ਵਿਚ ਜਾਂਚ ਕਰਵਾਏ। ਉਨਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਇਨਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨਾਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ, ਸਰਬਤ ਸਿਹਤ ਬੀਮਾ ਯੋਜਨਾ, ਨਸ਼ਾ ਛੁਡਾਊ ਕੇਂਦਰਾਂ ਬਾਰੇ ਵੀ ਵਿਚਾਰ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਵੀ ਵਿਦਿਆਰਥੀਆਂ ਨੂੰ ਕੋਵਿਡ19 ਟੀਕਾਕਰਨ ਕਰਵਾਉਣ ਲਈ ਜਾਗਰੂਕ ਕਰਨ ਲਈ ਕਿਹਾ। ਉਨਾਂ ਕਿਹਾ ਕਿ ਸਕੂਲਾਂ ਵਿਚ ਕੋਵਿਡ19 ਟੀਕਾਕਰਨ ਸਬੰਧੀ ਜਾਗਰੂਕਤਾ ਲਈ ਉੱਚੇਚੇ ਤੌਰ ਤੇ ਸੈਮੀਨਾਰ ਜਾਂ ਹੋਰ ਪ੍ਰੋਗਰਾਮ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਜਾਗਰੂਕ ਹੋ ਕੇ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਕੋਵਿਡ19 ਟੀਕਾਕਰਨ ਕਰਵਾਉਣ ਲਈ ਖੁਦ ਅੱਗੇ ਆਉਣ। ਇਸ ਦੌਰਾਨ ਉਨਾਂ ਮਿੱਡ ਡੇ ਮੀਲ ਸਬੰਧੀ ਵੀ ਵਿਚਾਰ ਚਰਚਾ ਕੀਤੀ ਅਤੇ ਨਾਲ ਹੀ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਸਕੂਲਾਂ ਵਿਚ ਵਾਤਾਵਰਣ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ।