ਗੁਰਦੁਆਰਾ ਸਿੰਘਾਂ ਸ਼ਹੀਦਾਂ ਵੱਲੋਂ 25 ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕਰਵਾਏ 

Share and Enjoy !

Shares
ਲਾਡੋਵਾਲ (ਮੋਹਿਤ ਗਾਦੜਾ)– ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੇਪਾਲ ਪੁਰਾਣੀ ਚੱਕੀ, ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਰੱਖੇ ਸਹਿਜ ਪਾਠਾਂ ਦੇ ਭੋਗ ਪਾਉਣ ਨਾਲ ਹੋਈ। ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਹਰਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਓਂਕਾਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਆਦਿ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸਾਧ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰਬਾਣੀ ਨਾਲ ਜੋੜਿਆ। ਇਸ ਪਾਵਨ ਮੌਕੇ ‘ਤੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ 25 ਗਰੀਬ ਤੇ ਜਰਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਬੜੀ ਸਾਦਗੀ ਨਾਲ ਗੁਰੂ ਮਾਰਿਆਦਾ ਅਨੁਸਾਰ ਕਰਵਾਏ ਗਏ। ਇਸ ਸ਼ੁਭ ਮੌਕੇ’ਤੇ ਵਿਆਹੁਤਾ ਜੋੜਿਆਂ ਨੂੰ ਅਸ਼ੀਰਵਾਦ ਦੇਣ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸੰਤ ਬਾਬਾ ਸੁਖਵਿੰਦਰ ਸਿੰਘ ਨੇ ਨਵ-ਵਿਆਹੁਤਾ ਜੋੜਿਆਂ ਨੂੰ ਗ੍ਰਹਿਸਤੀ ਜੀਵਨ ਵਿੱਚ ਪ੍ਰਵੇਸ਼ ਕਰਨ ‘ਤੇ ਵਧਾਈ ਦਿੱਤੀ ਅਤੇ ਇੱਕ ਮਨ ਇੱਕ ਚਿੱਤ ਹੋ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਇਲਾਕੇ ਦੀਆਂ ਬਹੁਤ ਸਾਰੀਆਂ ਸਨਮਾਨਿਤ ਸ਼ਖ਼ਸੀਅਤਾਂ ਵੀ ਹਾਜ਼ਰ ਹੋਇਆ ।ਪ੍ਰਬੰਧਕਾਂ ਵੱਲੋਂ ਆਏ ਮਹਾਂਪੁਰਸ਼ਾਂ ਅਤੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਵੇਂ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਭੇਟ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.