ਚਿੱਟੇ ਅਤੇ ਮੈਡੀਕਲ ਨਸ਼ਿਆਂ ਦਾ ਕਹਿਰ ਪੰਜਾਬ ਦੀ ਨੌਜਵਾਨੀ ਲਈ ਗੰਭੀਰ ਖ਼ਤਰਾ : ਬਲਜਿੰਦਰ ਸਿੰਘ ਖਾਲਸਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਦਲ ਖਾਲਸਾ ਵੱਲੋਂ ਪੰਜਾਬ ਭਰ ਵਿੱਚ ਮੁਫ਼ਤ ਨਸ਼ਾ ਛੁਡਾਊ ਕੈਂਪ ਲਗਾਉਣ ਦਾ ਉਪਰਾਲਾ

Share and Enjoy !

Shares

ਹੁਸ਼ਿਆਰਪੁਰ, / ਝਬਾਲ ਕਲਾਂ (ਤਰਸੇਮ ਦੀਵਾਨਾ) — ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਚਿੱਟੇ ਵਰਗੇ ਜਾਨਲੇਵਾ ਨਸ਼ੇ ਅਤੇ ਮੈਡੀਕਲ ਨਸ਼ਿਆਂ ਦੀ ਵਧ ਰਹੀ ਲਤ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰਨ ਦੇ ਨਾਲ-ਨਾਲ ਕਈ ਪਰਿਵਾਰਾਂ ਦੀਆਂ ਖ਼ੁਸ਼ੀਆਂ ਵੀ ਉਜਾੜ ਰਹੀ ਹੈ। ਨਸ਼ਿਆਂ ਦਾ ਇਹ ਗੰਭੀਰ ਸੰਕਟ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਨੀਂਹ ਨੂੰ ਕਮਜ਼ੋਰ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਯੁਰ ਜੀਵਨ ਆਯੁਰਵੈਦਿਕ ਰਿਸਰਚ ਸੈਂਟਰ ਦੇ ਐਮ.ਡੀ. ਅਤੇ ਦਲ ਖਾਲਸਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਝਬਾਲ ਕਲਾ ਵਿਖੇ ਪੈਂਦੇ ਗੁਰਦੁਆਰਾ ਬੀਰ ਬਾਬਾ ਬੁੱਢਾ ਸਾਹਿਬ ਜੀ ਵਿਖੇ ਲਗਾਏ ਗਏ ਨਸ਼ਾ ਛੁਡਾਊ ਫਰੀ ਕੈਂਪ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਕੀਤਾ । ਉਨ੍ਹਾਂ ਕਿਹਾ ਕਿ ਚਿੱਟੇ ਵਰਗੇ ਜਾਨਲੇਵਾ ਨਸ਼ੇ ਦੀ ਲਪੇਟ ਵਿੱਚ ਆ ਕੇ ਅਨੇਕਾਂ ਨੌਜਵਾਨ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਅਤੇ ਕੀਮਤੀ ਜਾਨਾ ਗੁਆ ਰਹੇ ਹਨ। ਇਸੇ ਤਰ੍ਹਾਂ ਬਿਨਾਂ ਡਾਕਟਰੀ ਸਲਾਹ ਤੋਂ ਦਵਾਈਆਂ ਦੀ ਗ਼ਲਤ ਵਰਤੋਂ ਅਤੇ ਮੈਡੀਕਲ ਨਸ਼ਿਆਂ ਦੀ ਲਤ ਵੀ ਨੌਜਵਾਨਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਰਹੀ ਹੈ। ਨਸ਼ਿਆਂ ਦੀ ਆਦਤ ਕਾਰਨ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਭਾਵਿਤ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਪੜ੍ਹਾਈ, ਰੁਜ਼ਗਾਰ ਅਤੇ ਪਰਿਵਾਰਕ ਜ਼ਿੰਦਗੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਬਲਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਹਨੇਰੇ ਵਿੱਚੋਂ ਕੱਢ ਕੇ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਵੱਲ ਲਿਜਾਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਿਆਂ ਵਿੱਚ ਫਸੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਨੂੰ ਨਫ਼ਰਤ ਕਰਨ ਜਾਂ ਉਨ੍ਹਾਂ ਨੂੰ ਸਮਾਜ ਤੋਂ ਵੱਖ ਕਰਨ ਦੀ ਬਜਾਏ, ਉਨ੍ਹਾਂ ਨੂੰ ਹੌਸਲਾ ਦੇਣ, ਸਹੀ ਇਲਾਜ ਮੁਹੱਈਆ ਕਰਵਾਉਣ ਅਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਦੀ ਲਤ ਨੂੰ ਸਿਰਫ਼ ਸਮਾਜਿਕ ਬੁਰਾਈ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਸਗੋਂ ਇਸ ਦੇ ਇਲਾਜ ਅਤੇ ਮੁੜ ਵਸੇਬੇ ਲਈ ਗੰਭੀਰ ਯਤਨ ਕਰਨੇ ਲਾਜ਼ਮੀ ਹਨ।

ਉਨ੍ਹਾਂ ਦੱਸਿਆ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਦਲ ਖਾਲਸਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਭਰ ਵਿੱਚ ਮੁਫ਼ਤ ਨਸ਼ਾ ਛੁਡਾਊ ਕੈਂਪ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਇਸ ਆਦਤ ਤੋਂ ਬਾਹਰ ਨਿਕਲਣ ਲਈ ਸਹਾਇਤਾ ਮਿਲ ਸਕੇ। ਇਨ੍ਹਾਂ ਉਪਰਾਲਿਆਂ ਦਾ ਮੁੱਖ ਮਕਸਦ ਨਸ਼ਿਆਂ ਕਾਰਨ ਬਰਬਾਦ ਹੋ ਰਹੀਆਂ ਜ਼ਿੰਦਗੀਆਂ ਨੂੰ ਬਚਾਉਣਾ ਅਤੇ ਪੀੜਤ ਨੌਜਵਾਨਾਂ ਨੂੰ ਮੁੜ ਆਤਮ-ਵਿਸ਼ਵਾਸ ਨਾਲ ਜਿਊਣ ਦਾ ਮੌਕਾ ਦੇਣਾ ਹੈ।

ਉਨ੍ਹਾਂ ਮਾਪਿਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸਮੇਂ ਸਿਰ ਯੋਗ ਡਾਕਟਰੀ ਇਲਾਜ ਅਤੇ ਸਹਾਇਤਾ ਦਿਵਾਈ ਜਾਵੇ।

ਅੰਤ ਵਿੱਚ ਬਲਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੀ ਨੌਜਵਾਨੀ ਹੈ। ਜੇਕਰ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਲਿਆ ਜਾਵੇ ਤਾਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਜਥੇਬੰਦੀ ਦੀ ਨਹੀਂ, ਸਗੋਂ ਹਰ ਪੰਜਾਬ ਵਾਸੀ ਦੀ ਸਾਂਝੀ ਲੜਾਈ ਹੈ ਅਤੇ ਇਸ ਨੂੰ ਜਿੱਤਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਪੈਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਦਲ ਖਾਲਸਾ, ਕਾਜਲ ਦਲ ਖਾਲਸਾ, ਅਮਰਜੋਤ ਮੜੁਲੀ ਬ੍ਰਾਹਮਣਾ, ਮਨਪ੍ਰੀਤ ਮੜੁਲੀ ਬ੍ਰਾਹਮਣਾ,  ਸਤਿੰਦਰ ਸਿੰਘ ਦਲ ਖਾਲਸਾ, ਕਮਲਜੀਤ ਸਿੰਘ,  ਗੁਰ ਅਵਤਾਰ ਸਿੰਘ,  ਦਵਿੰਦਰ ਸਿੰਘ,  ਤਲਵਿੰਦਰ ਸਿੰਘ ਅਤੇ ਕੀਰਤੀ ਅਰੋੜਾ ਅੰਮ੍ਰਿਤਸਰ ਆਦਿ ਹਾਜ਼ਰ ਸਨ  !

About Post Author

Share and Enjoy !

Shares

Leave a Reply

Your email address will not be published.