(ਮੋਹਿਤ ਗਾਦੜਾ) ਲਾਡੋਵਾਲ: ਲੋਕ ਭਲਾਈ ਸਾਂਝਾ ਮੰਚ ਦੇ ਪ੍ਰਧਾਨ ਐਡਵੋਕੇਟ ਧਰਮਪਾਲ ਮਹਿਮੀ ਨੇ ਪੰਜਾਬ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਚਿੱਟੇ ਅਤੇ ਹੋਰ ਘਾਤਕ ਨਸ਼ਿਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਪਾਇਆ ਗਿਆ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਵੇਗਾ।ਐਡਵੋਕੇਟ ਮਹਿਮੀ ਨੇ ਕਿਹਾ ਕਿ ਨਸ਼ਿਆਂ ਦੀ ਲਤ ਕਾਰਨ ਅਨੇਕਾਂ ਪਰਿਵਾਰਾਂ ਦੇ ਘਰਾਂ ਵਿੱਚ ਦੁੱਖ, ਆਰਥਿਕ ਤੰਗੀ ਅਤੇ ਬੇਚੈਨੀ ਪੈਦਾ ਹੋ ਰਹੀ ਹੈ। ਨੌਜਵਾਨਾਂ ਦਾ ਨਸ਼ਿਆਂ ਵੱਲ ਵਧਣਾ ਸਿਰਫ਼ ਇਕ ਪਰਿਵਾਰ ਜਾਂ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਇਹ ਸਮਾਜ ਅਤੇ ਪੰਜਾਬ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਹੱਦ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਦੀ ਲੋੜ ਹੈ।ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਸਪਲਾਈ ’ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਲਈ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ।ਐਡਵੋਕੇਟ ਮਹਿਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਇਕਜੁੱਟ ਹੋ ਕੇ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਰਾਹੀਂ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ।