
(ਜਤਿੰਦਰ ਪਾਲ ਸਿੰਘ ਕਲੇਰ) ਨਵਾਂਸ਼ਹਿਰ। ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਦੇ ਸੀਨੀਅਰ ਕਪਤਾਨ ਪੁਲਿਸ ਆਈਪੀਐਸ ਤੁਸ਼ਾਰ ਗੁਪਤਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਰੋਜ਼ਾਨਾ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਕਾਰਵਾਈ ਕਰਦਿਆਂ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਸ਼ੀਆਂ ਪਾਸੋਂ 30 ਨਸ਼ੀਲੀਆਂ ਗੋਲੀਆਂ ਅਤੇ 08.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਦੋਸ਼ੀਆਂ ਖਿਲਾਫ ਸਬੰਧਤ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।
ਐਸਐਸਪੀ ਤੁਸ਼ਾਰ ਗੁਪਤਾ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ਬਾਰੇ ਲੋਕਲ ਪੁਲਿਸ ਨੂੰ ਤੁਰੰਤ ਇਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਲਾਜ ਸਬੰਧੀ ਦਾਖਲ ਕਰਵਾਉਣ ਵਿੱਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਜ਼ਿਲ੍ਹਾ ਪੁਲਿਸ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।