
ਹਠੂਰ ( ਕੌਸ਼ਲ ਮੱਲ੍ਹਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਐੱਸ.ਐੱਸ.ਪੀ. ਲੁਧਿਆਣਾ (ਦਿਹਾਤੀ) ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਹਠੂਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਠੂਰ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 186, ਅਧੀਨ ਧਾਰਾ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਭੰਮੀਪੁਰਾ ਕਲਾਂ ਦੀ ਹੱਦ ਵਿੱਚੋਂ ਜਗਦੀਪ ਸਿੰਘ ਉਰਫ ਵੱਡਾ ਮੱਲ੍ਹਾ ਪੁੱਤਰ ਦਰਸਨ ਸਿੰਘ ਵਾਸੀ ਪਿੰਡ ਮੱਲ੍ਹਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆ ਹਨ।ਇਸ ਮੌਕੇ ਥਾਣਾ ਮੁੱਖੀ
ਗੁਰਸੇਵਕ ਸਿੰਘ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਥਾਣਾ ਹਠੂਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।