
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਬਣਦੀ ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ ਪੰਚਾਇਤੀ ਮਾਮਲੇ ਵਿੱਚ ਸਿਆਸੀ ਦਖ਼ਲਅੰਦਾਜ਼ੀ ਅਤੇ ਬਦਲਾਖੋਰੀ ਦੇ ਲਗਾਏ ਦੋਸ਼
ਹੁਸ਼ਿਆਰਪੁਰ (ਤਰਸੇਮ ਦੀਵਾਨਾ) — ਪਿੰਡ ਕੱਕੋਂ ਦੀ ਚੁਣੀ ਹੋਈ ਪੰਚਾਇਤ ਦੇ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਬਲਾਕ ਸੰਮਤੀ ਮੈਂਬਰ ਗੁਰਚਰਨ ਦਾਸ ਉਰਫ਼ ਬੰਟੂ ਅਤੇ ਪਿੰਡ ਕੱਕੋਂ ਦੇ ਵਸਨੀਕ ਆਦੇਸ਼ ਠਾਕੁਰ ਉਰਫ਼ ਚੰਚਲ ’ਤੇ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕਰਵਾਉਣ ਅਤੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਅਤੇ ਖ਼ਾਸ ਕਰਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਮੰਗ ਕੀਤੀ ਗਈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਪ੍ਰਾਪਤ ਵੇਰਵਿਆਂ ਅਨੁਸਾਰ, ਸਾਲ 2024 ਦੀਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਕੱਕੋਂ ਤੋਂ ਅਨੀਤਾ ਰਾਣੀ ਪਤਨੀ ਵਕੀਲ ਸ਼ਮਸ਼ੇਰ ਸਿੰਘ ਤਾਰਾਗੜ੍ਹ ਨੇ 104 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਸਰਪੰਚ ਦਾ ਅਹੁਦਾ ਸੰਭਾਲਿਆ ਸੀ। ਦੋਸ਼ ਲਗਾਇਆ ਗਿਆ ਹੈ ਕਿ ਚੋਣਾਂ ਵਿੱਚ ਹਾਰਨ ਵਾਲੇ ਧੜੇ ਵੱਲੋਂ ਆਦੇਸ਼ ਠਾਕੁਰ ਉਰਫ਼ ਚੰਚਲ ਨਾਲ ਮਿਲ ਕੇ ਪੰਚਾਇਤ ਖ਼ਿਲਾਫ਼ ਲਗਾਤਾਰ ਸ਼ਿਕਾਇਤਾਂ ਕੀਤੀਆਂ ਗਈਆਂ, ਜਿਸ ਕਾਰਨ ਪੰਚਾਇਤ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਬਾਅਦ ਸਾਲ 2025 ਵਿੱਚ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਗੁਰਚਰਨ ਦਾਸ ਉਰਫ਼ ਬੰਟੂ ਨੂੰ ਕੱਕੋਂ ਤੋਂ ਉਮੀਦਵਾਰ ਬਣਾਏ ਜਾਣ ਅਤੇ ਚੋਣ ਜਿੱਤਣ ਸਬੰਧੀ ਵੀ ਸਰਕਾਰੀ ਤੰਤਰ ਦੀ ਕਥਿਤ ਦੁਰਵਰਤੋਂ ਦੇ ਦੋਸ਼ ਲਗਾਏ ਗਏ ਹਨ। ਦੋਸ਼ਾਂ ਮੁਤਾਬਕ, ਜੂਨ 2025 ਵਿੱਚ ਗੁਰਚਰਨ ਦਾਸ ਉਰਫ਼ ਬੰਟੂ ਵੱਲੋਂ ਪਿੰਡ ਦੀ ਪੰਚਾਇਤ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ, ਜਿਸ ਦੀ ਪੈਰਵੀ ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਮਾਮਲੇ ਵਿੱਚ ਸਭ ਤੋਂ ਅਹਿਮ ਨੁਕਤਾ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 12 ਅਗਸਤ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਨੂੰ ਲੈ ਕੇ ਉਠਾਇਆ ਗਿਆ ਹੈ। ਉਹਨਾਂ ਵਲੋ ਦੋਸ਼ ਲਗਾਇਆ ਗਿਆ ਕਿ ਇਨ੍ਹਾਂ ਹੁਕਮਾਂ ਤਹਿਤ ਮੌਜੂਦਾ ਸਰਪੰਚ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਮੁਅੱਤਲੀ ਦੌਰਾਨ ਪੰਚਾਇਤ ਦੇ ਬਾਕੀ ਰਹਿੰਦੇ ਮੈਂਬਰਾਂ ਵਿੱਚੋਂ ਕਿਸੇ ਇੱਕ ਨੂੰ ਸਰਪੰਚ ਦਾ ਚਾਰਜ ਸੌਂਪਣ ਦੀ ਹਦਾਇਤ ਕੀਤੀ ਗਈ ਸੀ, ਪਰ ਅੱਜ ਤੱਕ ਇਸ ਦੀ ਪਾਲਣਾ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ
ਇਸ ਸਬੰਧੀ 5 ਅਕਤੂਬਰ 2026 ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਲਿਖਤੀ ਦਰਖ਼ਾਸਤ ਦੇ ਕੇ ਡਾਇਰੈਕਟਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਵਾਉਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਸ਼ਿਕਾਇਤਕਰਤਾ ਧਿਰ ਦਾ ਦੋਸ਼ ਹੈ ਕਿ ਕੈਬਨਿਟ ਮੰਤਰੀ ਡਾ. ਰਵਜੋਤ ਦੇ ਕਥਿਤ ਦਖ਼ਲ ਕਾਰਨ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਸਰਪੰਚ ਅਨੀਤਾ ਰਾਣੀ ਦੇ ਪਤੀ ਵਕੀਲ ਸ਼ਮਸ਼ੇਰ ਸਿੰਘ ਤਾਰਾਗੜ੍ਹ ਵੱਲੋਂ ਗੁਰਚਰਨ ਦਾਸ ਉਰਫ਼ ਬੰਟੂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਪਿੰਡ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਲੱਖਾਂ ਰੁਪਏ ਦੇ ਕਥਿਤ ਗਬਨ ਬਾਰੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਪੰਚਾਇਤ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਗਿਆ ਅਤੇ ਇਨਕਾਰ ਕਰਨ ’ਤੇ ਕਥਿਤ ਤੌਰ ’ਤੇ ਸਿਆਸੀ ਪ੍ਰਭਾਵ ਵਰਤ ਕੇ ਸ਼ਿਕਾਇਤਾਂ ’ਤੇ ਕਾਰਵਾਈ ਰੁਕਵਾਉਣ ਦੀ ਕੋਸ਼ਿਸ਼ ਕੀਤੀ ਗਈ।
ਉਹਨਾਂ ਪ੍ਰੈੱਸ ਕਾਨਫਰੰਸ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਬਲਾਕ-1 ਦੇ ਦਫ਼ਤਰ ਵਿੱਚ ਤਾਇਨਾਤ ਇੱਕ ਕਲਰਕ ਤੇ ਵੀ ਗੰਭੀਰ ਦੋਸ਼ ਲਗਾਏ। ਉਹਨਾਂ ਕਿਹਾ ਕਿ ਇਕ ਕਲਰਕ ਜੋ ਗੁਰਚਰਨ ਦਾਸ ਉਰਫ਼ ਬੰਟੂ ਦੀ ਧੀ ਹੈ ਅਤੇ ਪਿਛਲੇ ਲਗਭਗ ਚਾਰ ਸਾਲਾਂ ਤੋਂ ਇਸ ਅਹੁਦੇ ’ਤੇ ਅਤੇ ਇੱਕੋ ਜਗ੍ਹਾ ਤੇ ਤਾਇਨਾਤ ਹੈ। ਉਹਨਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਪਿੰਡਾਂ ਦੇ ਬਿੱਲ ਪਾਸ ਕਰਨ ਬਦਲੇ ਰਿਸ਼ਵਤ ਲਈ ਜਾਂਦੀ ਹੈ ਅਤੇ ਇਸ ਸਬੰਧੀ ਪਹਿਲਾਂ ਵੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਦੋਸ਼ ਲਾਇਆ ਕਿ ਸਿਆਸੀ ਸਰਪ੍ਰਸਤੀ ਕਾਰਨ ਸਬੰਧਤ ਮੁਲਾਜ਼ਮ ਖ਼ਿਲਾਫ਼ ਨਾ ਤਾਂ ਤਬਾਦਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਮੁਅੱਤਲੀ ਸਬੰਧੀ ਕੋਈ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਸਰਕਾਰ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਅਪੀਲ ਕੀਤੀ ਕਿ ਪਿੰਡ ਕੱਕੋਂ ਦੀ ਪੰਚਾਇਤ ਨਾਲ ਸਬੰਧਤ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਭ੍ਰਿਸ਼ਟਾਚਾਰ ਤੇ ਸਿਆਸੀ ਦਖ਼ਲਅੰਦਾਜ਼ੀ ਸਬੰਧੀ ਲਗਾਏ ਗਏ ਦੋਸ਼ਾਂ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕੀਤੀ ਜਾਵੇ। ਉਹਨਾਂ ਵਲੋ ਚਿਤਾਵਨੀ ਦਿੱਤੀ ਗਈ ਕਿ ਜੇਕਰ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਇਸ ਦੇ ਸਿਆਸੀ ਨਤੀਜੇ ਸਰਕਾਰ ਨੂੰ ਭੁਗਤਣੇ ਪੈ ਸਕਦੇ ਹਨ। ਅੰਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਜੀਵ ਤਲਵਾੜ ਨੇ ਕਿਹਾ ਕਿ ਅਗਰ ਸਾਡੀ ਸਹੀ ਤਰੀਕੇ ਨਾਲ ਸੁਣਵਾਈ ਨਾ ਹੋਈ ਤੇ ਦੁਸਹਿਰੇ ਦੇ ਅਗਲੇ ਦਿਨ ਮੁਗਲਪੁਰੇ ਦੇ ਕੋਲ ਹੁਸ਼ਿਆਰਪੁਰ ਤੋਂ ਦਸੂਹਾ ਰੋਡ ਨੂੰ ਬਿਲਕੁਲ ਪੱਕੇ ਤੌਰ ਤੇ ਜਾਮ ਕਰ ਦਿੱਤਾ ਜਾਵੇਗਾ ਅਤੇ ਫਿਰ ਵੀ ਸੁਣਵਾਈ ਨਾ ਹੋਈ ਤੇ ਸਜੀਵ ਤਲਵਾੜ ਨੇ ਕਿਹਾ ਕਿ ਮੈਂ ਖੁਦ ਡੀਸੀ ਦਫਤਰ ਦੇ ਬਿਲਕੁਲ ਸਾਹਮਣੇ ਮਰਨ ਵਰਤ ਤੇ ਬੈਠਾਂਗਾ
ਪੱਖ : ਇਸ ਸਬੰਧੀ ਪੱਖ ਲੈਣ ਵਾਸਤੇ ਕੈਬਨਟ ਮੰਤਰੀ ਡਾ. ਰਵਜੋਤ ਸਿੰਘ ਨਾਲ ਜਦੋਂ ਉਹਨਾਂ ਦੇ ਫੋਨ ਨੰਬਰ 9396000000 ਤੇ ਬਾਰ ਬਾਰ ਸੰਪਰਕ ਕੀਤਾ ਤਾਂ ਉਹਨਾਂ ਦਾ ਫੋਨ ਨਾ ਲੱਗਣ ਕਰਕੇ ਉਹਨਾਂ ਨਾਲ ਸੰਪਰਕ ਨਹੀਂ ਹੋ ਸਕਿਆ ! ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਕੁਮਾਰ ਥਾਪਰ ਆਦਿ ਹਾਜ਼ਰ ਸਨ !