ਰੇਲਵੇ ਸਟੇਸ਼ਨ ਸੰਗਰੂਰ ਵਿਖੇ ਜੀਆਰਪੀ ਤੇ ਆਰਪੀਐਫ ਵੱਲੋਂ ਸਾਂਝੀ ਜਾਂਚ ਮੁਹਿੰਮ, ਨਹੀਂ ਮਿਲੀ ਕੋਈ ਸ਼ੱਕੀ ਵਸਤੂ 

Share and Enjoy !

Shares
ਸੰਗਰੂਰ (ਜਗਸੀਰ ਸਿੰਘ)- ਰੇਲਵੇ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਅਤੇ ਰੇਲਵੇ ਸੁਰੱਖਿਆ ਬਲ (ਆਰਪੀਐਫ) ਦੇ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ’ਤੇ ਜਨਤਕ ਜਾਗਰੂਕਤਾ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਪਾਰਸਲ ਦਫ਼ਤਰ, ਮੋਟਰਸਾਈਕਲ ਸਟੈਂਡ, ਟੈਕਸੀ ਸਟੈਂਡ, ਰੇਲਵੇ ਯਾਰਡ, ਆਵਾਜਾਈ ਖੇਤਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਜਾਂਚ ਕਰਨ ਲਈ ਪੀ.ਏ.ਆਈ.ਐੱਸ. ਮੋਬਾਈਲ ਐਪ ਦੀ ਵੀ ਵਰਤੋਂ ਕੀਤੀ ਗਈ। ਇਸ ਮੌਕੇ ਰੇਲਵੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਨੂੰ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਯਾਤਰੀਆਂ ਨੂੰ ਰੇਲਗੱਡੀ ਵਿੱਚ ਸਫ਼ਰ ਦੌਰਾਨ ਆਪਣੇ ਸਾਮਾਨ ਦੀ ਸਹੀ ਢੰਗ ਨਾਲ ਦੇਖਭਾਲ ਕਰਨ ਅਤੇ ਹਰ ਸਮੇਂ ਚੌਕਸ ਰਹਿਣ ਦੀ ਅਪੀਲ ਕੀਤੀ ਗਈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਵਾਹਨ ਚਾਲਕਾਂ, ਸਫ਼ਾਈ ਸੇਵਕਾਂ ਅਤੇ ਕੁਲੀਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਜੇਕਰ ਰੇਲਵੇ ਖੇਤਰ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਇਸ ਸਾਂਝੀ ਮੁਹਿੰਮ ਦੌਰਾਨ ਸਮੁੱਚੇ ਰੇਲਵੇ ਖੇਤਰ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

About Post Author

Share and Enjoy !

Shares

Leave a Reply

Your email address will not be published.