
ਮਲੋਟ/ਮੁਕਤਸਰ (ਪ੍ਰੇਮ ਗਰਗ)-ਸ੍ਰੀ ਵਿਨੀਤ ਕੁਮਾਰ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜ਼ੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ 31 ਮਈ 2022 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਲਿਆ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜੀਵਕ ਮਾਦਾ (ਮਲੱੜ) ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੈ, ਨੂੰ ਵੀ ਨੁਕਸਾਨ ਪਹੁੰਚਦਾ ਹੈ ਅਤੇ ਅੱਗ ਲਗਾਉਣ ਨਾਲ ਆਲੇ ਦੁਆਲੇ ਖੜੀਆਂ ਫਸਲਾਂ ਅਤੇ ਦਰਖਤਾਂ ਨੂੰ ਨੁਕਸਾਨ ਵੀ ਹੁੰਦਾ ਹੈ ਅਤੇ ਨਾੜ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਨਾਲ ਕਈ ਵੱਡੇ ਵੱਡੇ ਹਾਦਸੇ ਵਾਪਰ ਸਕਦੇ ਹਨ।