
(ਰਵਿੰਦਰ ਸਿੰਘ ਰੇਸ਼ਮ) ਕੁੱਪ ਕਲਾਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਨੂੰ ਵੱਖ-ਵੱਖ ਹਲਕਿਆਂ ਵਿੱਚ ਭਰਪੂਰ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਰੈਲੀਆਂ ਵਿੱਚ ਲੋਕਾਂ ਦੇ ਇਕੱਠ ਰਿਕਾਰਡ ਤੋੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਨੇ ਕਿਹਾ ਕਿ ਹਲਕਾ ਅਮਰਗੜ੍ਹ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਇਸੇ ਲਈ ‘ਪੰਜਾਬ ਬਚਾਓ’ ਮੁਹਿੰਮ ਤਹਿਤ 4 ਅਕਤੂਬਰ ਨੂੰ ਦਾਣਾ ਮੰਡੀ ਖਾਨਪੁਰ (ਹਲਕਾ ਅਮਰਗੜ੍ਹ) ਵਿੱਚ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ। ਇਹ ਹਲਕਾ ਅਮਰਗੜ੍ਹ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ। ਉਨ੍ਹਾਂ ਕਿਹਾ ਕਿ 4 ਅਕਤੂਬਰ ਨੂੰ ਇੱਕ ਸ਼ਾਨਦਾਰ, ਪ੍ਰਭਾਵਸ਼ਾਲੀ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੀ ਰੈਲੀ ਕਰਕੇ ਹਲਕਾ ਅਮਰਗੜ੍ਹ ਤੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਅਗਲੀ ਅਕਾਲੀ ਸਰਕਾਰ ਬਣਾਉਣ ਦਾ ਸੁਨੇਹਾ ਦਿੱਤਾ ਜਾਵੇਗਾ।