
(ਸਰਬਜੀਤ ਸਿੰਘ ਸੋਨੀ) ਲੁਧਿਆਣਾ।
ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੰਕਲਪ ਤਹਿਤ ਜਲੰਧਰ ਵਿਖੇ ਆਯੋਜਿਤ ਨਸ਼ਾ ਮੁਕਤ ਰੈਲੀ ਦੌਰਾਨ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੋਸ਼ਾ ਨੇ ਪੰਜਾਬ ਸਮੇਤ ਦੇਸ਼ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਅਮਿਤ ਸ਼ਾਹ ਜੀ ਦਾ ਧੰਨਵਾਦ ਕੀਤਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਪਵਿੱਤਰ ਧਰਤੀ ਹੈ। ਇਸੇ ਧਰਤੀ ’ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਅੰਮ੍ਰਿਤ ਦੀ ਦਾਤ ਬਖਸ਼ੀ ਸੀ। ਅੱਜ ਇਸ ਪਵਿੱਤਰ ਧਰਤੀ ਦਾ ਨਸ਼ਿਆਂ ਦੀ ਸਮੱਸਿਆ ਨਾਲ ਜੂਝਣਾ ਬਹੁਤ ਚਿੰਤਾਜਨਕ ਹੈ। ਗੋਸ਼ਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੇ ਅਨੁਸਾਰ ਨਸ਼ਿਆਂ ਦੇ ਨਾਲ-ਨਾਲ ਗੁੰਡਾਗਰਦੀ ਅਤੇ ਅਪਰਾਧ ਨੂੰ ਲੈ ਕੇ ਵੀ ਪੰਜਾਬ ਦੇ ਲੋਕਾਂ ਵਿੱਚ ਚਿੰਤਾ ਵਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੇਂਦਰ ਅਤੇ ਸੂਬੇ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਨਰੇਂਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਅਮਿਤ ਸ਼ਾਹ ਜੀ ਵੱਲੋਂ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੰਕਲਪ ਨੂੰ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਦੀ ਲੋੜ ਹੈ। ਗੋਸ਼ਾ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਤੋਂ ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਕਲਪ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਤਰੱਕੀ ਦੇ ਮੌਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਭਾਜਪਾ ਜੋ ਸੰਕਲਪ ਲੈਂਦੀ ਹੈ, ਉਸ ਨੂੰ ਪੂਰਾ ਕਰਨ ਲਈ ਪੂਰੀ ਤਾਕਤ ਨਾਲ ਕੰਮ ਕਰਦੀ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਵਿੱਚ ਪੰਜਾਬ ਦੇ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਮਹੱਤਵਪੂਰਨ ਹੈ।