ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ, ਘਰ ਦੇ ਨੇੜੇ ਮਿਲ ਰਹੀਆਂ ਮਿਆਰੀ ਸਿਹਤ ਸਹੂਲਤਾਂ: ਡਾ. ਬਲਬੀਰ ਸਿੰਘ

Share and Enjoy !

Shares
– ਸਿਹਤ ਮੰਤਰੀ ਨੇ ਪਿੰਡ ਭੌਰਾ ਵਿਖੇ ਨਵੇਂ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
– ਸੂਬੇ ਭਰ ਵਿੱਚ 154 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ, ਕਲੀਨਿਕਾਂ ਦੀ ਕੁੱਲ ਗਿਣਤੀ ਹੋਈ 1,244
– ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਮਿਲ ਰਹੀਆਂ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ
– 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ
ਸ਼ਹੀਦ ਭਗਤ ਸਿੰਘ ਨਗਰ(ਜਤਿੰਦਰ ਪਾਲ ਸਿੰਘ ਕਲੇਰ ) 
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ 154 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਕੇ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ।
ਉਹ ਅੱਜ ਆਪਣੇ ਜੱਦੀ ਪਿੰਡ ਭੌਰਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੀ ਜ਼ਿੰਦਗੀ ਵਿੱਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ ਅਤੇ ਹੁਣ ਔਰਤਾਂ, ਬਜ਼ੁਰਗਾਂ, ਬੱਚਿਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ।
ਉਨ੍ਹਾਂ ਇਸ ਕਲੀਨਿਕ ਨੂੰ ਆਪਣੇ ਪੂਜਨੀਕ ਪਿਤਾ ਸ. ਪਿਆਰਾ ਸਿੰਘ ਅਤੇ ਮਾਤਾ ਸ੍ਰੀਮਤੀ ਦਲਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਇੱਕ ਅਹਿਮ ਪਹਿਲ ਹੈ, ਜਿਸ ਦਾ ਉਦੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਡਾਕਟਰੀ ਸਲਾਹ, ਮੁਫ਼ਤ ਦਵਾਈਆਂ ਅਤੇ ਜ਼ਰੂਰੀ ਜਾਂਚ ਸਹੂਲਤਾਂ ਮਿਲ ਰਹੀਆਂ ਹਨ। ਇਸ ਨਾਲ ਖ਼ਾਸ ਕਰਕੇ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਹੋਰ ਬਿਹਤਰ ਹੋਈ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਲਈ ਮੁਫ਼ਤ ਸਕੈਨਿੰਗ ਅਤੇ ਲੋੜ ਅਨੁਸਾਰ ਐਂਟੀ-ਰੇਬੀਜ਼ ਵੈਕਸੀਨ ਦੀ ਸਹੂਲਤ ਵੀ ਉਪਲਬਧ ਹੈ। ਇਨ੍ਹਾਂ ਸੇਵਾਵਾਂ ਦਾ ਮੁੱਖ ਉਦੇਸ਼ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ, ਢੁੱਕਵਾਂ ਇਲਾਜ ਮੁਹੱਈਆ ਕਰਵਾਉਣਾ ਅਤੇ ਬਿਮਾਰੀਆਂ ਦੀ ਰੋਕਥਾਮ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਸਥਿਤ ਹਸਪਤਾਲਾਂ ਵਿੱਚ ਜਾਣ ਦੀ ਲੋੜ ਘਟੇਗੀ। ਇਸ ਨਾਲ ਲੋਕਾਂ ਦਾ ਸਮਾਂ ਅਤੇ ਆਵਾਜਾਈ ’ਤੇ ਹੋਣ ਵਾਲਾ ਖ਼ਰਚ ਬਚੇਗਾ ਅਤੇ ਇਲਾਜ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਮੁੱਢਲੇ ਪੱਧਰ ’ਤੇ ਸਿਹਤ ਸਹੂਲਤਾਂ ਦੀ ਉਪਲਬਧਤਾ ਲੋਕਾਂ ਨੂੰ ਸਮੇਂ ਸਿਰ ਡਾਕਟਰੀ ਸਲਾਹ ਅਤੇ ਲੋੜੀਂਦਾ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਉਂਦੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਤੋਂ ਲੈ ਕੇ ਹਸਪਤਾਲਾਂ ਵਿੱਚ ਇਲਾਜ ਤੱਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਬਦਲਾਅ ਲਿਆ ਰਹੇ ਹਨ।
ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਡਾ. ਰੁਪਿੰਦਰਜੀਤ ਸੈਣੀ, ਸਿਵਲ ਸਰਜਨ ਡਾ. ਅਮਨ ਸੂਦ, ਐੱਸ.ਡੀ.ਐੱਮ. ਅਨਮਜੋਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਿੰਡ ਵਾਸੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.