ਗੁਰੂ ਰਵਿਦਾਸ ਕੋ-ਐਜੂਕੇਸ਼ਨ ਕਾਲਜ ਫਗਵਾੜਾ ਵਿਖੇ ਕਰਵਾਇਆ ਪ੍ਰਸ਼ੰਸਾ ਪੁਰਸਕਾਰ ਸਮਾਗਮ

Share and Enjoy !

Shares
ਫਗਵਾੜਾ  :  ਗੁਰੂ ਰਵਿਦਾਸ ਕੋ-ਐਜੂਕੇਸ਼ਨ ਕਾਲਜ, ਫਗਵਾੜਾ ਵਿਖੇ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਪ੍ਰਸ਼ੰਸਾ ਪੁਰਸਕਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੈਂਬਰ ਪਾਰਲੀਮੈਂਟ ਅਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਫਗਵਾੜਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤੀ। ਇਸ ਮੌਕੇ ਫਗਵਾੜਾ ਦੇ ਮੇਅਰ  ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਵੱਲੋਂ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਤੋਂ ਪਹਿਲਾਂ ਮਹਿਮਾਨਾਂ ਨੂੰ ਕਾਲਜ ਦੇ ਮਿੰਨੀ ਹਰਬਲ ਗਾਰਡਨ ਦਾ ਦੌਰਾ ਵੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਵੱਲੋਂ ਬੂਟੇ ਲਗਾਏ ਗਏ। ਕਾਲਜ ਦੇ ਡਾਇਰੈਕਟਰ ਐਜੂਕੇਸ਼ਨ ਡਾ. ਨੀਲਮ ਸੇਠੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਿਰਫ਼ ਕੈਰੀਅਰ ਵਿਕਾਸ ’ਤੇ ਹੀ ਨਹੀਂ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਸਰਬਪੱਖੀ ਵਿਕਾਸ ’ਤੇ ਵੀ ਬਰਾਬਰ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕਾਲਜ ਦੇ ਚੇਅਰਮੈਨ ਯੂ.ਸੀ. ਸਰੋਆ ਨੇ ਮੁੱਖ ਮਹਿਮਾਨ ਡਾ. ਚੱਬੇਵਾਲ ਨੂੰ ਕਾਲਜ ਦੀਆਂ ਮੁੱਖ ਲੋੜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ, ਸਪੋਰਟਸ ਕੰਪਲੈਕਸ ਲਈ ਫੰਡ ਮੁਹੱਈਆ ਕਰਵਾਉਣ ਅਤੇ ਆਈ.ਟੀ.ਆਈ. ਦੇ ਪੁਨਰ ਨਿਰਮਾਣ ਸਬੰਧੀ ਸਹਿਯੋਗ ਦੀ ਅਪੀਲ ਕੀਤੀ। ਇਸ ਦੌਰਾਨ ਡਾ. ਚੱਬੇਵਾਲ ਵੱਲੋਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਅਤੇ ਵਿਸ਼ੇਸ਼ ਯੋਗਤਾ ਨਾਲ ਪਾਸ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਕਾਲਜ ਦੀ ਗਿੱਧਾ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਖੇਡਾਂ ਦੇ ਖੇਤਰ ਵਿੱਚ ਬੀ.ਏ. ਤੀਜੇ ਸਮੈਸਟਰ ਦੇ ਵਿਦਿਆਰਥੀ ਵੰਸ਼ ਰਾਜ, ਜੋ ਰਾਸ਼ਟਰੀ ਪੱਧਰ ’ਤੇ ਕ੍ਰਿਕਟ ਵਿੱਚ ਕਈ ਪੁਰਸਕਾਰ ਪ੍ਰਾਪਤ ਕਰ ਚੁੱਕੇ ਹਨ, ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਐਥਲੈਟਿਕਸ ਵਿੱਚ 5 ਕਿਲੋਮੀਟਰ ਮੈਰਾਥਨ ਦੌੜ ਵਿੱਚ ਗੋਲਡ ਮੈਡਲ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿੱਧਾ ਟੀਮ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ ਵੀ ਦਿੱਤੀ ਗਈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਪੂਰ ਪਸੰਦ ਕੀਤਾ ਗਿਆ। ਮੁੱਖ ਮਹਿਮਾਨ ਡਾ. ਚੱਬੇਵਾਲ ਨੇ ਕਿਹਾ ਕਿ ਕਾਲਜ ਦਾ ਕੈਂਪਸ ਵਿਸ਼ਾਲ ਹੈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਸਮਰਪਣ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਭਵਿੱਖ ਦੀਆਂ ਕਈ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਕਾਲਜ ਦੀ ਪ੍ਰਗਤੀ ਅਤੇ ਲੋੜਾਂ ਸਬੰਧੀ ਜਦੋਂ ਵੀ ਸੰਭਵ ਹੋਇਆ, ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਯੂ.ਸੀ. ਸਰੋਆ, ਉਪ ਚੇਅਰਮੈਨ ਡਾ. ਤਾਰਾ ਚੰਦ,ਜ.ਸਕੱਤਰ ਅਸ਼ੋਕ ਭਾਟੀਆ,ਐਜੂਕੇਸ਼ਨ ਕੋਆਰਡੀਨੇਟਰ ਤੀਰਥ ਰਾਮ ਬਸਰਾ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਅਖੀਰ ਵਿੱਚ ਕਾਲਜ ਪ੍ਰਿੰਸੀਪਲ ਮਿਸ ਗੁਰਜੀਤ ਕੌਰ ਨੇ ਸਮੂਹ ਮਹਿਮਾਨਾਂ, ਪ੍ਰਬੰਧਕਾਂ ਅਤੇ ਹਾਜ਼ਰ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.