– ਰਵਨੀਤ ਬਿੱਟੂ, ਸਤਨਾਮ ਸੰਧੂ ਅਤੇ ਅਸ਼ਵਨੀ ਸ਼ਰਮਾ ਨੇ ਦਿੱਤਾ ਨਸ਼ਿਆਂ ਖਿਲਾਫ ਜਨ-ਅੰਦੋਲਨ ਦਾ ਸੱਦਾ
– ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆ ਦੀ ਦਲਦਲ ਤੋਂ ਬਾਹਰ ਕੱਢ ਸਕਦੀ ਹੈ

(ਜਤਿੰਦਰ ਪਾਲ ਸਿੰਘ ਕਲੇਰ) ਬਲਾਚੌਰ: : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਪਿੰਡ ਉਧਨਵਾਲ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਇੱਕ ਵਿਸ਼ਾਲ ਇਕੱਠ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਜੀ ਸਮੇਤ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਰਹੇ।
ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇੱਕ ਪਰਿਵਾਰ ਦੀ ਨਹੀਂ, ਸਗੋਂ ਇਹ ਸਮੁੱਚੇ ਸਮਾਜ ਨਾਲ ਜੁੜਿਆ ਮਸਲਾ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।
ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪਿੰਡ ਉਧਨਵਾਲ ਵਿਖੇ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਤੋਂ ਬਚਾਉਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ।
ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਜਨ-ਅੰਦੋਲਨ ਬਣਾਉਣ ਦੀ ਲੋੜ ਹੈ। ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਵੀ ਜ਼ਰੂਰੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਮਾਜ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।
ਇਸ ਮੌਕੇ ਜ਼ਿਲ੍ਹਾ ਭਾਜਪਾ ਦੀ ਸਮੁੱਚੀ ਟੀਮ, ਮੰਡਲ ਅਹੁਦੇਦਾਰ, ਮੋਰਚਿਆਂ ਦੇ ਅਹੁਦੇਦਾਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਸਮੇਤ ਸੰਦੀਪ ਭਾਟੀਆ ਸੋਨੂੰ, ਅਸ਼ੋਕ ਚੇਚੀ, ਰਾਜ ਖਟਾਣਾ, ਪੰਕਜ ਕੁਮਾਰ, ਗੁਰਪਾਲ ਸਿੰਘ ਧੌਲ, ਬਾਬਾ ਗੁਰਮੀਤ ਸਿੰਘ ਬਕਾਪੁਰ, ਜਸਵੰਤ ਸਿੰਘ ਕੰਗਣਾ ਬੇਟ, ਨਰਿੰਦਰ ਨਾਥ ਸੂਦਨ, ਅਮਨ ਰਾਣਾ, ਵਰਿੰਦਰ ਕੌਰ ਥਾਂਦੀ, ਅਸ਼ੋਕ ਕੁਮਾਰ ਨਾਨੋਵਾਲ, ਰਵਿੰਦਰ ਬਾਠ ਅਤੇ ਹੋਰ ਹਾਜ਼ਰ ਸਨ।