
ਹੁਸ਼ਿਆਰਪੁ (ਤਰਸੇਮ ਦੀਵਾਨਾ) — ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਨਿੰਦਾ ਕਰਦਿਆਂ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਭੁਪਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਨਸ਼ਿਆਂ ਦਾ ਪ੍ਰਕੋਪ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਯਤਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਵਿੱਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।
ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ। ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਚੰਗੀ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਠੋਸ ਕਦਮ ਚੁੱਕਣੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਬੇਹੱਦ ਜ਼ਰੂਰੀ ਹੈ।