
– ਕੌਮੀ ਪਲਸ ਪੋਲੀਓ ਮੁਹਿੰਮ “* ਹੇਠ 05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਅੱਜ ਸ਼ੁਰੂਆਤ ਹੋਈ
ਫ਼ਰੀਦਕੋਟ, 27 ਫ਼ਰਵਰੀ ( Check Post ) : ਸਿਵਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਪਾਮੀਲ ਬਾਂਸਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਜਿਲ੍ਹੇ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡਾ ਸੰਜੇ ਕਪੂਰ ਵਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਪਾਮੀਲ ਬਾਂਸਲ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ ਜਿਲ੍ਹਾ ਫ਼ਰੀਦਕੋਟ ਅੰਦਰ 326 ਬੂਥ ਅਤੇ 16 ਟਰਾਂਜ਼ਿਟ ਬੂਥਾਂ ਵਿੱਖੇ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ ਉਨ੍ਹਾਂ ਨੂੰ 28 ਫ਼ਰਵਰੀ ਤੇ 1 ਮਾਰਚ ਨੂੰ ਘਰਾਂ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ 548 ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।

ਜਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪੱਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ 14 ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਮੁਲਾਜਮਾਂ ਤੋਂ ਇਲਾਵਾ ਪੋਲੀਓ ਟੀਮ ‘ਚ ਆਸ਼ਾ ਵਰਕਰ, ਆਂਗਣਵਾੜੀ ਵਰਕਰ, ਨਰਸਿੰਗ ਵਿਦਿਆਰਥਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਇਸ ਦੀ ਪੜਤਾਲ ਲਈ 62 ਸੁਪਰਵਾਈਜਰ ਵੀ ਲਗਾਏ ਗਏ ਹਨ।
ਸਹਾਇਕ ਸਿਵਲ ਸਰਜਨ ਡਾ ਮਨਦੀਪ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਨੀਲ ਭਗਤ , ਡਿਪਟੀ ਮੈਡੀਕਲ ਕਮਿਸ਼ਨਰ ਡਾ ਕੁਲਦੀਪ ਧੀਰ , ਜਿਲ੍ਹਾ ਸਿਹਤ ਅਧਿਕਾਰੀ ਡਾ ਕਮਲਜੀਤ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਵਲੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਅੱਜ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।