
ਮਲੋਟ/ਮੁਕਤਸਰ, 2 ਮਾਰਚ (ਪ੍ਰੇਮ ਗਰਗ) : ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਅਤੇ ਡਾ.ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਦੇਖ-ਰੇਖ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪ੍ਰੀ-ਪ੍ਰਾਇਮਰੀ ਜਮਾਤਾਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਵਿੱਚ ਪੜਦੇ 3 ਤੋਂ 6 ਸਾਲ ਦੇ ਬੱਚਿਆਂ ਦੀਆਂ ਮਾਵਾਂ ਲਈ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਸਾਰੇ ਸਕੂਲਾਂ ਵਿੱਚ 3 ਤੋਂ 6 ਸਾਲਾ ਵਿਦਿਆਰਥੀ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ ਰਹੇ ਹਨ। ਇਹਨਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਮੇਂ-ਸਮੇਂ ‘ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵਧੀਆ ਪੜਾਈ ਲਈ ਪ੍ਰਬੰਧ ਕੀਤੇ ਜਾਂਦੇ ਹਨ। ਇਹਨਾਂ ਬਾਰੇ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਮਾਵਾਂ ਨੂੰ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਸੀ, ਜਿਸ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਵਧ ਚੜ ਕੇ ਹਿੱਸਾ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉੱਪ ਜਿਲਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਮਾਵਾਂ ਨੂੰ ਜਾਗਰੂਕ ਕਰਨਾ ਸੀ ਕਿ ਕਿਹੜੀਆਂ ਖੇਡ ਸਿੱਖਣ ਵਿਧੀਆਂ ਰਾਹੀਂ ਛੋਟੇ-ਛੋਟੇ ਬੱਚਿਆਂ ਨੂੰ ਪੜਾਇਆ ਅਤੇ ਸਿਖਾਇਆ ਜਾਂਦਾ ਹੈ। ਸਕੂਲ ਮੁਖੀਆਂ ਨੇ ਮਾਵਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੀ ਆਪਣੇ ਬੱਚਿਆਂ ਦੀ ਸਿੱਖਿਆ ਲਈ ਵਡਮੁੱਲਾ ਯੋਗਦਾਨ ਪਾਉਣ ਜਿਸ ਲਈ ਮਾਵਾਂ ਦੁਆਰਾ ਘਰਾਂ ਵਿੱਚ ਬੱਚਿਆਂ ਨੂੰ ਕਰਵਾਈਆਂ ਜਾ ਸਕਣ ਵਾਲੀਆਂ ਕਿਰਿਆਵਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਇਹਨਾਂ ਕਿਰਿਆਵਾਂ ਨੂੰ ਕਰਕੇ ਵੀ ਦਿਖਾਇਆ ਗਿਆ। ਵਰਕਸ਼ਾਪ ਦੌਰਾਨ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਬੱਚੇ ਨੂੰ ਖੇਡ-ਖੇਡ ਵਿੱਚ ਕਿਵੇਂ ਪੜਾਈ ਲਈ ਤਿਆਰ ਕਰਕੇ ਸਿਖਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਸਕੂਲ, ਸਕੂਲ ਅਧਿਆਪਕਾਂ ਅਤੇ ਮਾਵਾਂ ਵਿੱਚ ਆਪਸੀ ਤਾਲਮੇਲ ਨੂੰ ਚੰਗੇਰਾ ਬਣਾਉਣਾ ਸੀ ਜਿਸ ਨਾਲ ਬੱਚਿਆਂ ਦੀ ਸਿੱਖਣ-ਸਿਖਾਉਣ ਪ੍ਰਕਿਰਿਆ ਨੂੰ ਹੋਰ ਪ੍ਰਭਾਵੀ ਬਣਾਇਆ ਜਾ ਸਕੇ। ਜਿਲਾ ਸਿੱਖਿਆ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮਾਵਾਂ ਨੂੰ ਸਕੂਲ ਅਧਿਆਪਕਾਂ ਨੇ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਵਰਤੀ ਜਾਣ ਵਾਲੀ ਮਟੀਰੀਅਲ ਕਿੱਟ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਪੜੋ ਪੰਜਾਬ ਪੜਾਓ ਪੰਜਾਬ ਤਹਿਤ ਮਾਵਾਂ ਨੂੰ ਪ੍ਰੀ-ਪ੍ਰਾਇਮਰੀ ਦੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੀਆਂ ਜਮਾਤਾਂ ਵਿੱਚ ਸਿੱਖਣ-ਸਿਖਾਉਣ ਪ੍ਰਕਿਰਿਆ ਲਈ ਵਰਤੀਆਂ ਜਾਣ ਵਾਲੀਆਂ ਵਰਕਸ਼ੀਟਾਂ ਨੂੰ ਭਰਨ ਦੀ ਐਕਟੀਵਿਟੀ ਕਰਵਾਉਣ ਦੇ ਨਾਲ-ਨਾਲ ਮਾਵਾਂ ਨੂੰ ਕਲੇਅ ਮਾਡਲਿੰਗ, ਪੇਪਰ ਕਟਿੰਗ, ਅਤੇ ਹੋਰ ਰੌਚਕ ਕਿਰਿਆਵਾਂ ਵੀ ਕਰਵਾਈਆਂ ਗਈਆਂ। ਮਾਵਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਬੱਚਿਆਂ ਨੂੰ ਕਰਵਾਏ ਜਾਣ ਵਾਲੇ ਪਾਠਕ੍ਰਮ ਦੀਆਂ ਕਿਰਿਆਵਾਂ ਨੂੰ 15 ਦਿਨ ਪਹਿਲਾਂ ਅਗਾਊਂ ਹੀ ਮਾਵਾਂ ਨਾਲ ਸਾਂਝਾ ਕੀਤਾ ਜਾਵੇਗਾ।
![]()