– ਸ਼ਾਮਲਾਤ ਜਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਦੀ ਕਾਰਵਾਈ ਆਰੰਭੀ – ਡੀ.ਡੀ.ਪੀ.ਓ. ਸੰਜੀਵ ਕੁਮਾਰ
– ਸਰਕਾਰੀ ਜ਼ਮੀਨ ਨੂੰ ਸਵੈ-ਇੱਛਾ ਨਾਲ ਛੱਡਣ ਦੀ ਵੀ ਕੀਤੀ ਅਪੀਲ
(ਬਿਊਰੋ ਚੈਕ ਪੋਸਟ) ਲੁਧਿਆਣਾ।
ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਸ੍ਰੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਲੁਧਿਆਣਾ-1, ਲੁਧਿਆਣਾ-2, ਖੰਨਾ ਅਤੇ ਬਲਾਕ ਪੱਖੋਵਾਲ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੀਆਂ ਕਰੀਬ 420 ਏਕੜ ਸ਼ਾਮਲਾਤ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਜੰਗੀ ਪੱਧਰ ‘ਤੇ ਚੱਲ ਰਹੀ ਹੈ। ਡੀ.ਡੀ.ਪੀ.ਓ ਸ੍ਰੀ ਸੰਜੀਵ ਕੁਮਾਰ ਨੇ ਇਸ ਸਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਲਾਕ ਲੁਧਿਆਣਾ-1 ਅਧੀਨ ਗ੍ਰਾਮ ਪੰਚਾਇਤ ਲਾਦੀਆਂ ਕਲਾਂ ਦੀ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਹੈ ਜਿੱਥੇ ਕਰੀਬ 104 ਏਕੜ ਰਕਬਾ ਕਬਜ਼ਾ ਅਧੀਨ ਹੈ, ਗ੍ਰਾਮ ਪੰਚਾਇਤ ਖਹਿਰਾ ਬੇਟ ਵਿੱਚ 60 ਏਕੜ, ਲੁਧਿਆਣਾ-2 ਅਧੀਨ ਵਲੀਪੁਰ ਵਿੱਚ 43 ਏਕੜ, ਕੋਟ ਗੰਗੂ ਰਾਏ ਵਿੱਚ 15 ਏਕੜ, ਬਲਾਕ ਖੰਨਾ ਅਧੀਨ ਗ੍ਰਾਮ ਪੰਚਾਇਤ ਈਸੜੂ ਵਿੱਚ 100 ਏਕੜ, ਬਲਾਕ ਪੱਖੋਵਾਲ ਅਧੀਨ ਢੈਪਈ ਵਿੱਚ 36 ਏਕੜ, ਮਹੇਰਨਾਂ ਕਲਾਂ ਅਤੇ ਪੱਖੋਵਾਲ ਵਿੱਚ 31-31 ਏਕੜ ਰਕਬੇ ਦੀ ਨਿਸ਼ਾਨਦੇਹੀ ਕੀਤੀ ਗਈ ਜਿਸ ‘ਤੇ ਕਬਜ਼ਾ ਕੀਤਾ ਹੋਇਆ ਹੈ। ਡੀ.ਡੀ.ਪੀ.ਓ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਪਰੋਕਤ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਕਾਰਵਾਈ ਆਰੰਭ ਕੀਤੀ ਜਾ ਚੁੱਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।