
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਨਸ਼ਿਆਂ ਦੇ ਖਾਤਮੇ ਲਈ ਬਲਾਚੌਰ ਪੁਲਿਸ ਨੇ ਕਮਰ ਕੱਸ ਲਈ ਹੈ। ਇਸ ਤਹਿਤ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੇ ਦਫਤਰ ਵਿਖੇ ਇੱਕ ਅਹਿਮ ਸੰਪਰਕ ਮੀਟਿੰਗ ਕੀਤੀ ਗਈ, ਜਿਸ ਵਿੱਚ ਟੈਕਸੀ ਯੂਨੀਅਨ, ਆਟੋ ਯੂਨੀਅਨ ਅਤੇ ਸ਼ਹਿਰ ਦੇ ਕੌਂਸਲਰਾਂ ਸਣੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਐਸ.ਪੀ ਹੇਮੰਤ ਮਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਨੂੰ ਪਬਲਿਕ ਦੇ ਸਹਿਯੋਗ ਦੀ ਸਖਤ ਲੋੜ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨਜ਼ਰ ਰੱਖਣ ਅਤੇ ਜੇਕਰ ਕਿਤੇ ਵੀ ਨਸ਼ਾ ਵੇਚਣ ਜਾਂ ਨਸ਼ਾ ਕਰਨ ਦੀ ਸੂਚਨਾ ਮਿਲੇ ਤਾਂ ਬਿਨਾਂ ਡਰ ਤੋਂ ਪੁਲਿਸ ਨੂੰ ਦੱਸਿਆ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਵਿਸ਼ੇਸ਼ ਤੌਰ ‘ਤੇ ਟੈਕਸੀ ਅਤੇ ਆਟੋ ਚਾਲਕਾਂ ਨੂੰ ਕਿਹਾ ਕਿ ਉਹ ਦਿਨ ਰਾਤ ਸ਼ਹਿਰ ਵਿੱਚ ਘੁੰਮਦੇ ਹਨ ਅਤੇ ਉਨ੍ਹਾਂ ਦੀ ਅੱਖ ਤੋਂ ਕੁਝ ਵੀ ਲੁਕਿਆ ਨਹੀਂ ਰਹਿ ਸਕਦਾ, ਇਸ ਲਈ ਉਹ ਪੁਲਿਸ ਦੀ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ।
ਇਸ ਮੌਕੇ ਐਸ.ਐਚ.ਓ. ਸਦਰ ਬਲਾਚੌਰ ਇੰਸਪੈਕਟਰ ਆਰ ਐਸ ਆਪਣੀ ਪੂਰੀ ਟੀਮ ਨਾਲ ਹਾਜ਼ਰ ਸਨ। ਉਨ੍ਹਾਂ ਨੇ ਵੀ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਾ ਤਸਕਰ ਭਾਵੇਂ ਕੋਈ ਵੀ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਹਰ ਸਮੇਂ ਲੋਕਾਂ ਦੀ ਸੇਵਾ ਲਈ ਤਿਆਰ ਹੈ। ਮੀਟਿੰਗ ਵਿੱਚ ਹਾਜ਼ਰ ਸਾਰੇ ਆਗੂਆਂ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।