
ਫਗਵਾੜਾ ( ਸਤ ਪ੍ਰਕਾਸ਼ ਸਿੰਘ ਸੱਗੂ ) ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ, ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਨਾ ਅਤੇ ਦਿਹਾਤੀ ਹਲਕਾ ਇੰਚਾਰਜ ਸਰਦਾਰ ਰਜਿੰਦਰ ਸਿੰਘ ਚੰਦੀ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਸਮੂਹ ਸਾਧ ਸੰਗਤ, ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ ਲਈ ਸ਼ਨੀਵਾਰ, 24 ਅਕਤੂਬਰ ਨੂੰ ਸ਼ਾਮ 4 ਵਜੇ ਜੀ.ਐੱਸ. ਟਾਇਲ ਫੈਕਟਰੀ ਦੇ ਨਜ਼ਦੀਕ ਗੋਬਿੰਦਪੁਰਾ ਰੋਡ, ਫਗਵਾੜਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ। ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਇਤਿਹਾਸਕ ਨਗਰ ਕੀਰਤਨ ਸਮਾਜ ਵਿੱਚ ਧਾਰਮਿਕ ਸਾਂਝ, ਭਾਈਚਾਰਕ ਏਕਤਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦੇਣ ਵਾਲਾ ਮਹੱਤਵਪੂਰਨ ਉਪਰਾਲਾ ਹੈ। ਇਸ ਨਗਰ ਕੀਰਤਨ ਦਾ ਸਵਾਗਤ ਕਰਨਾ ਸ਼੍ਰੋਮਣੀ ਅਕਾਲੀ ਦਲ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਅਸਥਾਨ, ਸੱਚਖੰਡ ਪੰਡਵਾ ਵਿਖੇ ਪਹੁੰਚੇਗਾ, ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਰਾਤ ਦੇ ਵਿਸ਼ਰਾਮ ਉਪਰੰਤ 25 ਅਕਤੂਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ। ਜੱਥੇਦਾਰ ਸਰੂਪ ਸਿੰਘ ਖਲਵਾੜਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਦੇ ਸਵਾਗਤ ਲਈ ਸਮੇਂ ਸਿਰ ਪਹੁੰਚਣ ਅਤੇ ਇਸ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ।