
ਸੰਗਰੂਰ (ਜਗਸੀਰ ਸਿੰਘ) –
ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 18, 19 ਅਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੂਬਾ ਪੱਧਰੀ ਗੁਰਮਤਿ ਸਮਾਗਮ ਨੂੰ ਸਫਲਤਾ ਪੂਰਵਕ ਮਨਾਉਣ ਸਬੰਧੀ ਵੱਖ-ਵੱਖ ਇਕਾਈਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਮੀਤ ਪ੍ਰਧਾਨ ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਪ੍ਰੈੱਸ ਸਕੱਤਰ ਅਵਤਾਰ ਸਿੰਘ ਜੱਸਲ, ਗੁਰਦੀਪ ਸਿੰਘ ਮੋਗਾ ਅਤੇ ਖਜਾਨਚੀ ਅਜਮੇਰ ਸਿੰਘ ਹੋਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਚੁੱਕੀ ਹੈ। ਜਿਨ੍ਹਾਂ ਦੇ ਭੋਗ 20 ਨਵੰਬਰ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ। ਭੋਗ ਉਪਰੰਤ ਦੇਰ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ਚੱਲਣਗੇ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਹਜੂਰੀ ਜਥਾ ਭਾਈ ਜਸਵਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਵਤਾਰ ਸਿੰਘ, ਭਾਈ ਰਣਜੀਤ ਸਿੰਘ ਭੋਮਾ ਕੀਰਤਨੀ ਜਥਿਆਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਅਤੇ ਢਾਡੀ ਜਥੇ ਆਦਿ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਇਸ ਮੌਕੇ ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਸੂਬੇ ਦੀਆਂ ਵੱਖ ਵੱਖ ਇਕਾਈਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਸ਼ਾਮਲ ਹੋਣਗੀਆਂ। ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਵੱਡੀ ਪੱਧਰ ‘ਤੇ ਕਰਵਾਉਣ ਦਾ ਮੁੱਖ ਮਕਸਦ ਕੇਵਲ ਭਗਤ ਨਾਮਦੇਵ ਜੀ ਦੇ ਉਪਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ ਅਤੇ ਇਨ੍ਹਾਂ ਅਸਥਾਨਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਹੋਰਨਾ ਭਗਤਾਂ ਦੀ ਤਰ੍ਹਾਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਪੱਕੀ ਛੁੱਟੀ ਕੀਤੀ ਜਾਵੇ ਤਾਂ ਜੋ ਸੰਗਤਾਂ ਜਨਮ ਦਿਹਾੜਾ ਵਧੀਆ ਪੱਧਰ ਤੇ ਮਨਾ ਸਕਣ। ਇਸ ਤੋਂ ਇਲਾਵਾ ਉਨਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਕਸਬਾ ਘੁਮਾਣ ਨੂੰ ਤੀਰਥ ਸਥਾਨ ਦਾ ਦਰਜਾ ਦਿੱਤਾ ਜਾਵੇ ਕਿਉਂਕਿ ਇਸ ਸਥਾਨ ਤੇ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਨੇ 18 ਸਾਲ ਘੋਰ ਤਪੱਸਿਆ ਕਰਕੇ ਇਹ ਨਗਰ ਵਸਾਇਆ ਸੀ ਅਤੇ ਬਾਣੀ ਉਚਾਰਨ ਕੀਤੀ ਸੀ। ਇਸ ਤੋਂ ਇਲਾਵਾ ਉਨਾਂ ਭਗਤ ਨਾਮਦੇਵ ਜੀ ਦੀ ਚੇਅਰ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪਿਛਲੇ ਸਮੇਂ ਦੌਰਾਣ ਚਾਲੂ ਕੀਤੀ ਗਈ ਸੀ ਅਤੇ ਫੰਡਾਂ ਦੀ ਘਾਟ ਕਾਰਨ ਬੰਦ ਪਈ ਹੈ ਇਸ ਨੂੰ ਮੁੜ ਚਾਲੂ ਕੀਤਾ ਜਾਵੇ ਅਤੇ ਹੋਰਨਾਂ ਬਿਰਾਦਰੀ ਭਾਈਚਾਰੇ ਦੇ ਭਲਾਈ ਬੋਰਡ ਜੋ ਕਿ ਸਰਕਾਰ ਵੱਲੋਂ ਬਣਾਏ ਗਏ ਹਨ। ਇਸੇ ਤਰ੍ਹਾਂ ਨਾਮਦੇਵ ਬਰਾਦਰੀ (ਛੀਬਾ ਬਰਾਦਰੀ) ਦੇ ਭਲਾਈ ਬੋਰਡ ਵੀ ਬਣਾ ਕੇ ਭਾਈਚਾਰੇ ਦਾ ਮਾਣ ਵਧਾਇਆ ਜਾਵੇ। ਇਸ ਮੌਕੇ ਕਸ਼ਮੀਰ ਸਿੰਘ, ਤਰਸੇਮ ਸਿੰਘ ਜੱਸਲ, ਪ੍ਰਿੰਸੀਪਲ ਦਿਲਬਾਗ ਸਿੰਘ ਪੰਡੋਰੀ, ਹਰਦੀਪ ਸਿੰਘ ਪੰਡੋਰੀ, ਹਰਬੰਸ ਸਿੰਘ ਨੰਗਲ, ਹਰਪਾਲ ਸਿੰਘ, ਗੁਰਸ਼ਰਨ ਸਿੰਘ, ਕਰਮ ਸਿੰਘ ਨਮੋਲ, ਜਸਪਾਲ ਸਿੰਘ ਬੇਦੀ, ਬਲਵਿੰਦਰ ਸਿੰਘ ਭੱਟੀ, ਰੇਸ਼ਮ ਸਿੰਘ ਨੰਗਲ, ਹਰਿੰਦਰ ਸਿੰਘ, ਸ਼ਰਨਜੀਤ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ ਮੌਜੂਦ ਸਨ।