
ਹੁਸ਼ਿਆਰਪੁਰ /ਸ਼ਾਮ ਚੁਰਾਸੀ ( ਤਰਸੇਮ ਦੀਵਾਨਾ ) — ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਵਿਸ਼ਾਲ ਰੂਹਾਨੀ ਵਿਸ਼ਾਲ ਸਤਿਸੰਗ ਸਮਾਗਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਦੀਪਕ ਮੱਟੂ ਨੇ ਦੱਸਿਆ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਮੇਟੀ ਮੈਂਬਰਾਂ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ 23 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਮੰਦਰ, ਸ਼ਾਮ ਚੁਰਾਸੀ ਵਿਖੇ ਵਿਸ਼ਾਲ ਸਤਿਸੰਗ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਤੋਂ ਗੱਦੀਨਸ਼ੀਨ ਸੰਤ ਸਤਿਗੁਰੂ ਗਿਰਧਾਰੀ ਨਾਥ ਮਹਾਰਾਜ ਜੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਉਹ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਅਧਿਆਤਮਿਕ ਗਿਆਨ ਪ੍ਰਦਾਨ ਕਰਨਗੇ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੇ।
ਇਸ ਤੋਂ ਇਲਾਵਾ ਗੁਰੂ ਸੇਵਕ ਕੀਰਤਨੀ ਜਥਾ ਬਹਿਰਾਮ ਸਰਿਸ਼ਤਾ ਵਾਲਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਜਾਵੇਗੀ। ਸਭਾ ਦੇ ਮੈਂਬਰਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਤਿਸੰਗ ਸਮਾਗਮ ਦਾ ਲਾਹਾ ਪ੍ਰਾਪਤ ਕਰਨ।