ਲੌਂਗੋਵਾਲ(ਜਗਸੀਰ ਸਿੰਘ)- ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਦੀ ਵਿਦਿਆਰਥਣ ਚਾਹਤ ਕਾਂਸਲ ਨੇ ਅੰਤਰ-ਕਾਲਜ ਵੁਸ਼ੂ ਮੁਕਾਬਲਿਆਂ ਵਿੱਚ ਸੋਨ ਤਮਗਾ ਜਿੱਤ ਕੇ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਸੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਚਾਹਤ ਕਾਂਸਲ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਸਖ਼ਤ ਮਿਹਨਤ ਅਤੇ ਲਗਨ ਸਦਕਾ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਸ ਪ੍ਰਾਪਤੀ ਦੇ ਆਧਾਰ ’ਤੇ ਉਸ ਦੀ ਚੋਣ ਗੁਜਰਾਤ ਵਿਖੇ ਹੋਣ ਵਾਲੇ ਅੰਤਰ-ਯੂਨੀਵਰਸਿਟੀ ਵੁਸ਼ੂ ਮੁਕਾਬਲਿਆਂ ਲਈ ਹੋਈ ਹੈ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਚਾਹਤ ਕਾਂਸਲ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥਣ ਆਉਣ ਵਾਲੇ ਯੂਨੀਵਰਸਿਟੀ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਏਗੀ।
ਵਿਦਿਆਰਥਣ ਨੇ ਸਰੀਰਕ ਸਿੱਖਿਆ ਵਿਭਾਗ ਦੀ ਪ੍ਰੋ. ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਖ਼ਤ ਮਿਹਨਤ ਅਤੇ ਲਗਨ ਨਾਲ ਇਹ ਸਫ਼ਲਤਾ ਹਾਸਲ ਕੀਤੀ। ਇਸ ਦੇ ਨਾਲ ਹੀ ਪ੍ਰਬੰਧਨ ਵਿਭਾਗ ਦੀ ਮੁਖੀ ਪ੍ਰੋ. ਸਰਬਜੀਤ ਕੌਰ, ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਜਗਬੀਰ ਸਿੰਘ ਅਤੇ ਪ੍ਰੋ. ਚਮਕੌਰ ਸਿੰਘ ਨੇ ਵੀ ਚਾਹਤ ਕਾਂਸਲ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਵਿਦਿਆਰਥਣ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਕਾਲਜ ਪਹੁੰਚਣ ’ਤੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੇ ਚੇਅਰਮੈਨ ਸ. ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਅਤੇ ਸਮੂਹ ਸਟਾਫ਼ ਨੇ ਚਾਹਤ ਕਾਂਸਲ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
