ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

Share and Enjoy !

Shares

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਆਪਣੇ ਪੂਜਨੀਕ ਪਿਤਾ ਸ. ਪਿਆਰਾ ਸਿੰਘ ਜੀ ਅਤੇ ਮਾਤਾ ਸ੍ਰੀਮਤੀ ਦਲਜੀਤ ਕੌਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ, ਉਨ੍ਹਾਂ ਦੇ ਜੱਦੀ ਪਿੰਡ ਭੌਰਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਉਸਾਰੇ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ 14 ਅਕਤੂਬਰ, 2026 ਨੂੰ ਕੀਤਾ ਜਾਵੇਗਾ। ਇਸ ਨਵੀਂ ਆਮ ਆਦਮੀ ਕਲੀਨਿਕ ਦੇ ਕਾਰਜਸ਼ੀਲ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 23 ਹੋ ਜਾਵੇਗੀ।
ਇੱਥੇ ਵਰਨਣਯੋਗ ਹੈ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੇ ਜੱਦੀ ਪਿੰਡ ਭੌਰਾ ਵਿਖੇ ਆਪਣੇ ਘਰ ਦਾ ਇਕ ਹਿੱਸਾ ਪੰਜਾਬ ਸਰਕਾਰ ਨੂੰ ਦਿੱਤਾ ਹੈ।
ਇਸ ਸਬੰਧੀ ਸਿਵਲ ਸਰਜਨ ਡਾ. ਅਮਨ ਸੂਦ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿੰਡ ਭੌਰਾ ਵਿਖੇ ਨਵੇਂ ਉਸਾਰੇ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਦਘਾਟਨ ਸਮਾਰੋਹ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਸਿਵਲ ਸਰਜਨ ਨੇ ਕਲੀਨਿਕ ਵਿਖੇ ਲੋੜੀਂਦੀ ਮੈਨਪਾਵਰ, ਦਵਾਈਆਂ, ਟੈਸਟਿੰਗ ਸਹੂਲਤਾਂ ਅਤੇ ਮੈਡੀਕਲ ਉਪਕਰਨਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਲੀਨਿਕ ਦੀ ਸਾਫ-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਵੀ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸਵਾਗਤ, ਬੈਠਣ, ਆਵਾਜਾਈ ਅਤੇ ਪਾਰਕਿੰਗ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤਿਆਰੀਆਂ ਦੌਰਾਨ ਸਾਹਮਣੇ ਆਉਣ ਵਾਲੀ ਕਿਸੇ ਵੀ ਕਮੀ ਨੂੰ ਤੁਰੰਤ ਦੂਰ ਕੀਤਾ ਜਾਵੇ, ਤਾਂ ਜੋ ਸਮਾਰੋਹ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਲੋੜੀਂਦੀਆਂ ਦਵਾਈਆਂ ਅਤੇ ਜਾਂਚ ਸਹੂਲਤਾਂ ਨੇੜੇ ਹੀ ਉਪਲੱਬਧ ਹੋ ਰਹੀਆਂ ਹਨ, ਜਿਸ ਨਾਲ ਸਮੇਂ ਸਿਰ ਇਲਾਜ ਕਰਵਾਉਣ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਕਿਸਮਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਸਹੂਲਤਾਂ ਦਾ ਮੁੱਖ ਮਕਸਦ ਲੋਕਾਂ ਨੂੰ ਸੁਖਾਲੀਆਂ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਮੁੱਢਲਾ ਸਿਹਤ ਕੇਂਦਰ, ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.