
–ਸਾਰੇ ਵਿਭਾਗਾਂ ਅਤੇ ਆਮ ਲੋਕਾਂ ਨੂੰ ਹਰ ਸ਼ੁਕਰਵਾਰ ਨੂੰ ਡ੍ਰਾਈ-ਡੇ ਵਜੋਂ ਮਨਾਉਣ ਦੀ ਅਪੀਲ
ਮਲੋਟ/ਮੁਕਤਸਰ, (ਪ੍ਰੇਮ ਗਰਗ) : ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਡਾ.ਸੀਮਾ ਗੋਇਲ ਐਪੀਡਮੈਲੋਜਿਸਟ ਦੀ ਅਗਵਾਈ ਵਿੱਚ ਜਿਲਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇੱਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਅਤੇ ਆਲੇ ਦੁਆਲੇ ਦੇ ਏਰੀਏ ਵਿੱਚ ਟਾਇਰਾਂ ਦੀਆਂ ਦੁਕਾਨਾਂ, ਕੁਬਾੜ ਦੀਆਂ ਦੁਕਾਨਾਂ, ਜਨਤਕ ਥਾਵਾਂ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਡਾ.ਸੀਮਾ ਗੋਇਲ ਅਤੇ ਲਾਲ ਚੰਦ ਨੇ ਡੇੱਗੂ ਅਤੇ ਮਲੇਰੀਆਂ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਦੇ ਹਰੇਕ ਸ਼ੁਕਰਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ, ਮੱਛਰਦਾਨੀਆਂ ਦੀ ਵਰਤੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੇੈਸਟ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਇਸ ਮੌਕੇ ਮਲੇਰੀਏ ਅਤੇ ਹੀਟ ਸਟਰੋਕ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇਂ ਵਿਨੋਦ ਖੁਰਾਣਾ, ਭਜਨਦੀਪ ਸੋਨੀ, ਜਸਵਿੰਦਰ ਸਿੰਘ, ਵਕੀਲ ਸਿੰਘ, ਰਵੀ ਕੁਮਾਰ ਹਾਜ਼ਰ ਸਨ।