(ਜਸਵਿੰਦਰ ਸਿੰਘ ਰੱਖਰਾ) ਮੋਗਾ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸਲਿੰੰਦਰ ਕੌਰ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਬਾਗਬਾਨੀ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ 15 ਜੁਲਾਈ, 2022 ਤੋਂ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸੂਬੇ ਵਿੱਚ 1.25 ਲੱਖ ਬਾਗਬਾਨੀ ਬੂਟੇ ਲਗਾਏ ਜਾਣਗੇ ਤਾਂ ਕਿ ਦਿਨੋ ਦਿਨ ਪਲੀਤ ਹੁੰਦੀ ਆਬੋ-ਹਵਾ ਵਿੱਚ ਕੁਝ ਸੁਧਾਰ ਲਿਆਂਦਾ ਜਾ ਸਕੇ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ ਮੋਗਾ ਜਤਿੰਦਰ ਸਿੰਘ ਨੇ ਦੱਸਿਆ ਕਿ ਜਿਲਾ ਦੇ ਸਰਕਾਰੀ ਸਕੂਲਾਂ ਜਿਸ ਵਿੱਚ ਪ੍ਰਾਇਮਰੀ ਸਕੂਲਾਂ ਦੇ 40 ਕਲੱਸਟਰ ਅਤੇ ਹਾਈ ਸਕੂਲਾਂ ਦੇ 6 ਕਲੱਸਟਰ ਸਾਮਿਲ ਹਨ ਵਿੱਚ 3200 ਬਾਗਬਾਨੀ ਬੂਟੇ 15 ਜੁਲਾਈ ਨੂੰ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾਣਗੇ। ਇਸ ਸਬੰਧੀ ਸਿੱਖਿਆ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਨੁਮਾਇੰਦਿਆਂ ਨੇ ਇੱਕ ਸਾਂਝੀ ਮੀਟਿੰਗ ਕਰਕੇ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕੀ ਤਾਂ ਜੋ ਇਸ ਮੁਹਿੰਮ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਉਨਾਂ ਦੱਸਿਆ ਕਿ ਸਰਕਰ ਅਤੇ ਵਿਭਾਗ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜਿਲਾ ਪ੍ਰਸਾਸਨ ਮੋਗਾ ਦਾ ਵੀ ਭਰਪੂਰ ਯੋਗਦਾਨ ਮਿਲ ਰਿਹਾ ਹੈ।