
ਜਸਪ੍ਰੀਤ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
(ਗੁਰਦੀਪ ਸਿੰਘ ਹੋਠੀ) ਜਲੰਧਰ।
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਵੱਲੋਂ ਅੱਜ ਜਲੰਧਰ ਜ਼ਿਲੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਕਮਿਸ਼ਨਰ, ਮਾਨਸਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦਾ ਸਵੇਰੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ, ਜਿਸ ਉਪਰੰਤ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅਹੁਦਾ ਸੰਭਾਲਣ ਉਪਰੰਤ ਨਵੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਰਦਰਸ਼ੀ, ਭਿ੍ਰਸ਼ਟਾਚਾਰ ਮੁਕਤ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਉਨਾਂ ਦੀਆਂ ਮੁੱਖ ਤਰਜ਼ੀਹਾਂ ਹੋਣਗੀਆਂ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਿਤ ਪ੍ਰਾਜੈਕਟਾਂ, ਪੇਂਡੂ ਵਿਕਾਸ, ਵੱਧ ਤੋਂ ਵੱਧ ਬੂਟੇ ਲਗਾਕੇ ਹਰਿਆਲੀ ਦੇ ਘੇਰੇ ਨੂੰ ਵਧਾਉਣ ਦੇ ਨਾਲ-ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਨਵੀਆਂ ਸ਼ਾਮਿਲ ਹੋਈਆਂ ਸੇਵਾਵਾਂ ਜਿਵੇਂ ਕਿ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਆਦਿ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਜ਼ੀਰੋ ਪੈਂਡੇਸੀ ਨੂੰ ਕਾਇਮ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਕਮਜ਼ੋਰ ਤਬਕੇ ਨੂੰ ਇਨਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਦਫਤਰ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਅਤੇ ਪਬਲਿਕ ਡੀਲਿੰਗ ਲਈ ਸਮਾਂ ਨਿਸ਼ਚਿਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਬੰਧਿਤ ਵਿਭਾਗਾਂ ਨਾਲ ਲੋੜੀਂਦਾ ਵਿਚਾਰ ਕਰਨ ਉਪਰੰਤ ਰਜਿਸਟਰੀਆਂ ਲਈ ਪੂਰੀ ਤਰਾਂ ਮੁਕੰਮਲ ਕੇਸਾਂ ਵਿੱਚ ਐਨ.ਓ.ਸੀ. ਜਾਰੀ ਕਰਨ ਨੂੰ ਸਮਾਂਬੱਧ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਆਪਸੀ ਤਾਲਮੇਲ ਰਾਹੀਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਨਤਕ ਹਿੱਤਾਂ ਦੇ ਮੱਦੇਨਜ਼ਰ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਵੀ ਛੇੜੀ ਜਾਵੇਗੀ।
ਪੀ.ਏ.ਪੀ.ਚੌਕ ਨੇੜੇ ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਬੀ.ਐਸ.ਐਫ.ਚੌਕ ਵਾਲੇ ਪਾਸਿਓਂ ਪੀ.ਏ.ਪੀ. ਵਾਲੀ ਸੜਕ ’ਤੇ ਅੰਮਿ੍ਰਤਸਰ ਵਾਲੇ ਪਾਸੇ ਨੂੰ ਫਲਾਈ ਓਵਰ ਬਣਾਉਣ ਸਬੰਧੀ ਉਨਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕਾਰਜ ਵਿੱਚ ਪੂਰੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਉਪਰੰਤ ਜਲਦ ਤੋਂ ਜਲਦ ਇਸ ਪ੍ਰਾਜੈਕਟ ਦੀ ਸ਼ੁਰੂਆਤ ਹੋ ਸਕੇ। ਉਨਾਂ ਇਹ ਵੀ ਕਿਹਾ ਕਿ ਸੜਕੀ ਪ੍ਰਾਜੈਕਟਾਂ ਸਬੰਧੀ ਪਹਿਲਾਂ ਵਾਂਗ ਹੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਨਾਲ ਇਹ ਪ੍ਰਾਜੈਕਟ ਵਿਚਾਰ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਜਲੰਧਰ ਦੇ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਦੇ ਬਕਾਏ ਦੀ ਸਿਫਰ ਔਸਤ ਨੂੰ ਬਰਕਰਾਰ ਰੱਖਣ ਦੀ ਗੱਲ ਕਰਦਿਆਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਾਂਗ ਲੋਕਾਂ ਨੂੰ ਜਲਦੀ ਤੋਂ ਜਲਦੀ ਵੱਖ-ਵੱਖ ਨਾਗਰਿਕ ਸੇਵਾਵਾਂ ਪ੍ਰਦਾਨ ਦੀ ਚੱਲ ਰਹੀ ਵਿਰਾਸਤ ਨੂੰ ਪਹਿਲਾਂ ਵਾਂਗ ਹੀ ਕਾਇਮ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਬੀਤੇ ਸਮੇਂ ਵਿੱਚ ਕਈ ਹੋਰ ਅਹਿਮ ਨਾਗਰਿਕ ਸੇਵਾਵਾਂ ਸੇਵਾ ਕੇਂਦਰਾਂ ਦੀ ਸੂਚੀ ਵਿੱਚ ਸ਼ਾਮਿਲ ਕੀਤੀਆਂ ਗਈਆਂ ਹਨ ਜਿਨਾਂ ਵਿੱਚ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਨਾਂ ਸੇਵਾਵਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਦਾ ਲਾਭ ਲੈ ਸਕਣ। ਉਨਾਂ ਕਿਹਾ ਕਿ ਕੇਂਦਰੀ ਸਕੀਮਾਂ ਅਤੇ ਪ੍ਰਾਜੈਕਟਾਂ ’ਤੇ ਵੀ ਸਮੇਂ-ਸਮੇਂ ਸਿਰ ਨਜ਼ਰਸਾਨੀ ਕੀਤੀ ਜਾਵੇਗੀ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੀ ਲੋੜੀਂਦੀ ਸਮੀਖਿਆ ਨੂੰ ਵੀ ਯਕੀਨੀ ਬਣਾਉਣ।
ਜ਼ਿਲੇ ਵਿੱਚ ਹਰਿਆਵਲ ਦੇ ਘੇਰੇ ਨੂੰ ਵਧਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਏ ਜਾਣਗੇ ਤਾਂ ਜੋ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਲੋਕਾਂ ਲਈ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਤੇ ਰਣਦੀਪ ਸਿੰਘ ਹੀਰ, ਏ.ਸੀ.ਏ. ਜਲੰਧਰ ਵਿਕਾਸ ਅਥਾਰਟੀ ਜਸਬੀਰ ਸਿੰਘ, ਸਕੱਤਰ ਆਰ.ਈ.ਏ. ਰਜਤ ਓਬਰਾਏ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲਾ ਮਾਲ ਅਫਸਰ ਜਸ਼ਨਜੀਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਇਕਬਾਲਜੀਤ ਸਿੰਘ, ਜ਼ਿਲਾ ਭਲਾਈ ਅਫਸਰ ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।