
ਲੌਂਗੋਵਾਲ (ਜਗਸੀਰ ਸਿੰਘ)- ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 22ਵਾਂ ਦੇਸ਼ ਭਗਤਾਂ ਦਾ ਮੇਲਾ ਲੌਂਗੋਵਾਲ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੇਲੇ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੀਤ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਕੋਰੀਓਗ੍ਰਾਫੀ ਪੇਸ਼ਕਾਰੀਆਂ ਕਰਵਾਈਆਂ ਗਈਆਂ। ਇਸ ਮੇਲੇ ਵਿੱਚ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਝਾੜੋਂ ਦੇ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਭਾਸ਼ਣ ਮੁਕਾਬਲੇ ਵਿੱਚ ਗੁਰਸ਼ਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਗੀਤ ਗਾਇਨ ਮੁਕਾਬਲੇ ਵਿੱਚ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਕੋਰੀਓਗ੍ਰਾਫੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਦਰਜ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਸ. ਜਗਸੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਸਮੂਹ ਸਕੂਲ ਸਟਾਫ਼ ਨੂੰ ਵੀ ਇਸ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਮੈਡਮ ਜਸਪ੍ਰੀਤ ਕੌਰ, ਮੈਡਮ ਪਿੰਦਰਜੀਤ ਸਿੰਘ ਅਤੇ ਮੈਡਮ ਸਵਰਨਜੀਤ ਕੌਰ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਕੋਰੀਓਗ੍ਰਾਫੀ, ਗੀਤ, ਭਾਸ਼ਣ ਮੁਕਾਬਲਿਆਂ ਲਈ ਮਿਹਨਤ ਅਤੇ ਲਗਨ ਨਾਲ ਤਿਆਰ ਕੀਤਾ। ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਤ ਸਮਾਗਮ ਵਿਦਿਆਰਥੀਆਂ ਅੰਦਰ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਆਪਣੇ ਇਤਿਹਾਸ ਨਾਲ ਜੁੜਨ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।