
(ਦੇਵ ਸਰਾਭਾ) ਸਰਾਭਾ/ਲੁਧਿਆਣਾ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 2 ਅਤੇ 3 ਅਕਤੂਬਰ ਨੂੰ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੱਕ ਵਿਸ਼ਾਲ ਰੋਸ ਮਾਰਚ ਕੀਤਾ ਜਾ ਰਿਹਾ ਹੈ। ਗੱਲਬਾਤ ਕਰਦਿਆਂ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਅਤੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ ਨੇ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਸਰਕਾਰਾਂ ਦੇ ਅੜੀਅਲ ਵਤੀਰੇ ਨੂੰ ਝੰਜੋੜਨ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਉਲੀਕਿਆ ਗਿਆ । 2 ਅਕਤੂਬਰ ਨੂੰ ਸਵੇਰੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਮਾਰਚ ਦੀ ਰਵਾਨਗੀ ਹੋਵੇਗੀ। ਇਹ ਕਾਫ਼ਲਾ ਮਾਲਵਾ ਖੇਤਰ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਲੰਘੇਗਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਪਹਿਲੇ ਦਿਨ ਦਾ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਮੁਕੰਮਲ ਕਰਨ ਉਪਰੰਤ ਅਗਲੇ ਦਿਨ 3 ਅਕਤੂਬਰ ਨੂੰ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਭਾਈ ਪਾਲ ਸਿੰਘ ਤੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਬਰੂਹਾਂ ’ਤੇ ਸ਼ਾਂਤਮਈ ਤੇ ਜਮਹੂਰੀ ਢੰਗ ਨਾਲ ਡਟਿਆ ਹੋਇਆ ਹੈ। ਇਹ ਲੜਾਈ ਕਿਸੇ ਇੱਕ ਧਿਰ ਦੀ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਅਤੇ ਹੱਕ-ਸੱਚ ਲਈ ਲੜਨ ਵਾਲੇ ਹਰੇਕ ਇਨਸਾਫ਼-ਪਸੰਦ ਇਨਸਾਨ ਦੀ ਸਾਂਝੀ ਲੜਾਈ ਹੈ। ਉਨ੍ਹਾਂ ਸਮੂਹ ਇਨਸਾਫ਼ ਪਸੰਦ ਧਿਰਾਂ ਤੇ ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 2 ਤੇ 3 ਅਕਤੂਬਰ ਦੇ ਇਸ ਰੋਸ ਮਾਰਚ ਵਿੱਚ ਵੱਡੇ ਕਾਫ਼ਲਿਆਂ ਸਮੇਤ ਪਹੁੰਚਣ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਕੌਮ ਦੀ ਆਵਾਜ਼ ਪਹੁੰਚਾਈ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਮਾਰਚ ਦੌਰਾਨ ਪੂਰਨ ਅਨੁਸ਼ਾਸਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਤਾਕੀਦ ਵੀ ਕੀਤੀ।