
ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਰੋਟਰੀ ਕਲੱਬ ਰੋਪੜ੍ਹ ਵੱਲੋਂ ਸਮਾਜ ਸੇਵਾ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਮਹਾਰਾਜ ਬ੍ਰਹਮਾਨੰਦ ਭੂਰੀਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁੱਤੋਂ ਦੀਆਂ ਹੋਣਹਾਰ ਤੇ ਲੋੜਵੰਦ ਵਿਦਿਆਰਥਣਾਂ ਨੂੰ ਸਾਇਕਲ ਭੇਂਟ ਕੀਤੇ ਗਏ ਹਨ। ਇਸ ਮੌਕੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਕੂਲ ਆਉਣ-ਜਾਣ ਵਿੱਚ ਸਹੂਲਤ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਉਤਸ਼ਾਹਿਤ ਕਰਨਾ ਹੈ।
ਸਾਈਕਲਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਰੋਟਰੀ ਕਲੱਬ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਰੋਟਰੀ ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਨਾਲ ਸਬੰਧਤ ਅਜਿਹੇ ਕਾਰਜ ਜਾਰੀ ਰੱਖੇ ਜਾਣਗੇ। ਸਮਾਗਮ ਵਿੱਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਲ ਸਿੰਘ ਰਾਜੂ ਸਤਿਆਲ, ਪੀ ਡੀ ਜੀ ਡਾ. ਆਰ. ਐਸ. ਪਰਮਾਰ, ਪੀ ਡੀ ਜੀ ਡਾ. ਚੇਤਨ ਅਗਰਵਾਲ ਅਤੇ ਅਸਿਸਟੈਂਟ ਗਵਰਨਰ ਡਾ. ਨਮਰਿਤਾ ਪਰਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਰੋਟਰੀ ਕਲੱਬ ਰੋਪੜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਅਜਿਹੇ ਹੋਰ ਸਮਾਜ ਭਲਾਈ ਕਾਰਜਾਂ ਵਿੱਚ ਭਰਭੂਰ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਜਸਵਿੰਦਰ ਸਿੰਘ, ਅਮਰ ਰਾਜ ਸੈਣੀ, ਪਰਮਿੰਦਰ ਸਿੰਘ ਅਤੇ ਹੋਰ ਸਾਰੇ ਰੋਟਰੀ ਕਲੱਬ ਦੇ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।