
– ਐੱਸ.ਐੱਸ.ਪੀ ਖੱਖ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੁਹਰਾਈ
ਰਵਿੰਦਰ ਸਿੰਘ ਰੇਸ਼ਮ, ਮਾਲੇਰਕੋਟਲਾ : ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ਨੀਵਾਰ ਸਵੇਰੇ 6 ਵਜੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਖਪਤ ਨਾਲ ਸਬੰਧਤ ਸੱਤ ਚਿੰਨ੍ਹਿਤ ਹੌਟਸਪੌਟਾਂ ’ਤੇ ਤਾਲਮੇਲ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਐੱਸ.ਐੱਸ.ਪੀ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਮੁਹਿੰਮ ਦੌਰਾਨ ਤਸਦੀਕ ਲਈ ਕੁੱਲ 15 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਵਿਅਕਤੀ ਸਬ-ਡਵੀਜ਼ਨ ਮਾਲੇਰਕੋਟਲਾ, ਤਿੰਨ ਸਬ-ਡਵੀਜ਼ਨ ਅਹਿਮਦਗੜ੍ਹ ਅਤੇ ਦੋ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚੋਂ ਰਾਊਂਡਅੱਪ ਕੀਤੇ ਗਏ। ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਐੱਸ.ਐੱਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਚਿੰਨ੍ਹਿਤ ਹੌਟਸਪੌਟਾਂ ਨੂੰ ਤਰਜੀਹ ਦੇ ਆਧਾਰ ’ਤੇ ਨਸ਼ਾ-ਮੁਕਤ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਉਦੇਸ਼ ਸਿਰਫ਼ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਆਮ ਲੋਕਾਂ ਦੀ ਵਰਤੋਂ ਯੋਗ ਜਨਤਕ ਸਥਾਨਾਂ ਵਜੋਂ ਮੁੜ ਵਿਕਸਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਇਨ੍ਹਾਂ ਹੌਟਸਪੌਟਾਂ ਨੂੰ ਜਲਦ ਸੁਧਾਰਿਆ ਜਾਵੇਗਾ। ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਐੱਸ.ਐੱਸ.ਪੀ ਖੱਖ ਨੇ ਕਿਹਾ ਕਿ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਇਲਾਜ ਅਤੇ ਢੁਕਵੀਂ ਸਹਾਇਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ। ਇਸ ਮੁਹਿੰਮ ਤਹਿਤ ਸਕੂਲਾਂ ‘ਤੇ ਕਾਲਜਾਂ ਵਿੱਚ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।