
ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ) – ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਬੁੱਧਵਾਰ ਨੂੰ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਇਕੱਠੇ ਹੋਏ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ।
ਮੰਗ ਪੱਤਰ ਵਿੱਚ ਭਾਜਪਾ ਨੇ ਕਿਹਾ ਕਿ ਸਰਦਾਰ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਮੈਡੀਕਲ ਸਟੋਰਾਂ ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਖਿਲਾਫ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ ਹੋਈ ਸੀ। 13 ਅਕਤੂਬਰ ਨੂੰ ਉਨ੍ਹਾਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਤੇ ਵੱਡਾ ਸਵਾਲ ਖੜਾ ਕਰ ਦਿੱਤਾ ਹੈ।
ਭਾਜਪਾ ਨੇ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪੀ ਜਾਵੇ ਅਤੇ ਹਮਲਾਵਰ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ। ਪਾਰਟੀ ਨੇ ਪੀੜਤ ਪਰਿਵਾਰ ਖਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਦੇਣ, ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਸ ਕਾਂਡ ਵਿੱਚ ਸ਼ਾਮਲ ਹਰ ਵਿਅਕਤੀ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
ਇਸ ਮੌਕੇ ਜਤਿੰਦਰ ਸਿੰਘ ਅਠਵਾਲ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਅਮਨ ਰਾਣਾ, ਡਿੰਪਲ ਭਾਰਦਵਾਜ, ਸੰਜੀਵ ਭਾਰਦਵਾਜ, ਮੁਨੀਸ਼ ਅਗਨੀਹੋਤਰੀ, ਨੰਦ ਕਿਸ਼ੋਰ, ਸੰਦੀਪ ਭਾਟੀਆ ਸੋਨੂੰ, ਅਜੇ ਕਟਾਰੀਆ, ਕਰਨ ਦੀਵਾਨ, ਨਮਰਤਾ ਖੰਨਾ, ਨਰਿੰਦਰ ਸੂਦਨ, ਜਸਵੰਤ ਸਿੰਘ ਕੰਗਣਾ, ਬਾਬਾ ਗੁਰਮੀਤ ਸਿੰਘ, ਚੇਤ ਰਾਮ, ਮਨੀਸ਼ ਮਸੀਹ, ਜਤਿੰਦਰ ਸੈਣੀ, ਰਵੀ ਰਾਣਾ, ਨਰੇਸ਼ ਰਾਵਲ, ਵਿਸ਼ਾਲ ਚੋਪੜਾ, ਟੀਕਮ ਚੌਧਰੀ, ਰਜਨੀ ਕੰਡਾ, ਡਾਕਟਰ ਤਜਿੰਦਰ ਪਾਲ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਰਾਜਪੂਤ, ਰਾਮਾ ਨੰਦ ਭਨੋਟ, ਜੱਸੀ ਮਹਾਲੋਂ, ਸੁਖਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।