ਨਸ਼ਿਆਂ ਖਿਲਾਫ ਲੜਾਈ ਸਿਰਫ ਨਾਅਰਿਆਂ ਨਾਲ ਨਹੀਂ ਜਿੱਤੀ ਜਾ ਸਕਦੀ: ਟੀ.ਐੱਸ.ਕਾਕਾ 

Share and Enjoy !

Shares
ਲਾਡੋਵਾਲ (ਮੋਹਿਤ ਗਾਦੜਾ)-ਪਿੰਡ ਲੁਹਾਰਾ  ਦੇ ਪ੍ਰਸਿੱਧ ਸਮਾਜ ਸੇਵੀ ਟੀ.ਐੱਸ. ਕਾਕਾ ਨੇ ਬਾਪੂ ਮਾਰਕੀਟ ਲੁਧਿਆਣਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰਾਂ ਉਮੀਦਾਂ ਅਨੁਸਾਰ ਸਫ਼ਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਧ ਰਹੀ ਸਮੱਸਿਆ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਨੂੰ ਖ਼ਤਮ ਕਰਨ ਲਈ ਸਮੁੱਚੇ ਸਮਾਜ ਨੂੰ ਵੀ ਆਪਣੀ ਅਹਿਮ ਭੂਮਿਕਾ ਨਿਭਾਉਣੀ ਪਵੇਗੀ ।ਟੀ.ਐੱਸ.ਕਾਕਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ  ਦੇਸ਼ ਅਤੇ ਸੂਬੇ ਦਾ ਭਵਿੱਖ ਹੈ। ਜੇਕਰ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਜਾਂਦੇ ਹਨ ਤਾਂ ਇਸ ਦਾ ਅਸਰ ਸਿਰਫ਼ ਉਨ੍ਹਾਂ ਦੀ ਜ਼ਿੰਦਗੀ ’ਤੇ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਅਤੇ ਸਮਾਜ ’ਤੇ ਵੀ ਪੈਂਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਸਮਾਜ ਸੇਵੀਆਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ। ਸਕੂਲਾਂ, ਕਾਲਜਾਂ, ਮੁਹੱਲਿਆਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਚੰਗੀਆਂ ਸਮਾਜਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਕਾਕਾ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਜੇਕਰ ਕਿਸੇ ਇਲਾਕੇ ਵਿੱਚ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਦੀ ਸੂਚਨਾ ਪੁਲਸ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇਣ, ਤਾਂ ਜੋ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਾਅਰਿਆਂ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਲਗਾਤਾਰ ਯਤਨਾਂ, ਲੋਕਾਂ ਦੀ ਭਾਗੀਦਾਰੀ ਅਤੇ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
 ਫੋਟੋ ਕੈਪਸ਼ਨ: ਟੀ.ਐੱਸ.ਕਾਕਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

About Post Author

Share and Enjoy !

Shares

Leave a Reply

Your email address will not be published.