ਧਾਰਮਿਕ ਸਮਾਗਮਾਂ ਦੇ ਆਯੋਜਕਾਂ ਦਾ ਸਮਾਜ ਵਿੱਚ ਵਿਸ਼ੇਸ਼ ਸਨਮਾਨ – ਹਰਜੋਤ ਬੈਂਸ ਪਿੰਡ ਮਹਿੰਦਲੀ ਖੁਰਦ ਦੇ ਵਿਕਾਸ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ

Share and Enjoy !

Shares

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਜਨ ਸੰਧਿਆ ਵਿੱਚ ਭਰੀ ਹਾਜ਼ਰੀ, ਹਲਕੇ ਦੇ ਪਿੰਡਾਂ ਦਾ ਕਰਵਾਇਆ ਜਾ ਰਿਹਾ ਹੈ ਸਰਬਪੱਖੀ ਵਿਕਾਸ

ਸ੍ਰੀ ਅਨੰਦਪੁਰ ਸਾਹਿਬ (ਅੰਕੁਸ਼ ਸ਼ਰਮਾ):– ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪਿੰਡ ਮਹਿੰਦਲੀ ਖੁਰਦ ਵਿਖੇ ਕਰਵਾਈ ਗਈ ਭਜਨ ਸੰਧਿਆ ਵਿੱਚ ਸ਼ਿਰਕਤ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਪਰੰਪਰਾਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਪ੍ਰਬੰਧਕਾਂ ਵੱਲੋਂ ਧਾਰਮਿਕ ਤੇ ਸਮਾਜਿਕ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਗਮਾਂ ਰਾਹੀਂ ਲੋਕਾਂ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਆਯੋਜਕ ਸਮਾਜ ਵਿੱਚ ਵਿਸ਼ੇਸ਼ ਸਨਮਾਨ ਦੇ ਹੱਕਦਾਰ ਹਨ, ਕਿਉਂਕਿ ਉਹ ਸੰਗਤ ਨੂੰ ਇਕੱਠਾ ਕਰਕੇ ਸਮਾਜ ਵਿੱਚ ਚੰਗੇ ਸੰਸਕਾਰਾਂ ਅਤੇ ਸਾਂਝੀਵਾਲਤਾ ਦਾ ਸੰਦੇਸ਼ ਫੈਲਾਉਂਦੇ ਹਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਪਿੰਡ ਮਹਿੰਦਲੀ ਖੁਰਦ ਦੇ ਵਿਕਾਸ ਕਾਰਜਾਂ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਨੁਸਾਰ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਦੀਆਂ ਹਨ ਅਤੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸਰਕਾਰੀ ਸਹਾਇਤਾ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ। ਪਿੰਡ ਵਾਸੀਆਂ ਵੱਲੋਂ ਵਿਕਾਸ ਲਈ ਦਿੱਤੀ ਗਈ ਇਸ ਸਹਾਇਤਾ ਦਾ ਸਵਾਗਤ ਕੀਤਾ ਗਿਆ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਸਰਕਾਰ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਪੇਂਡੂ ਵਸਨੀਕਾਂ ਨੂੰ ਸ਼ਹਿਰੀ ਖੇਤਰਾਂ ਦੇ ਬਰਾਬਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਜ਼ੋਰ ਦਿੱਤਾ ਕਿ ਵਿਕਾਸ ਸਿਰਫ਼ ਇਮਾਰਤਾਂ ਜਾਂ ਸੜਕਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਵੀ ਇਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੂੰ ਸਮਾਜਿਕ ਏਕਤਾ, ਭਾਈਚਾਰਕ ਸਾਂਝ ਅਤੇ ਪਿੰਡਾਂ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ  ਕਮਿੱਕਰ ਸਿੰਘ ਡਾਢੀ ਮੈਂਬਰ ਦਲਿਤ ਵਿਕਾਸ ਬੋਰਡ, ਦਲੇਰ ਸਿੰਘ ਸਰਪੰਚ ਮਹਿਦਲੀ ਖੁਰਦ , ਬਾਮ ਨਾਥ , ਤ੍ਰਿਸ਼ਮ ਲਾਲ ਸ਼ਾਸਤਰੀ , ਜੋਤ ਪ੍ਰਕਾਸ਼ , ਵਿਜੇ ਕੁਮਾਰ ਆਦਿ ਹਾਜ਼ਰ ਸਨ ।

About Post Author

Share and Enjoy !

Shares

Leave a Reply

Your email address will not be published.