
ਲਾਡੋਵਾਲ(ਮੋਹਿਤ ਗਾਦੜਾ)- ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ ਅਤੇ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਅਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਦਾ ਸਮਰਥਨ ਕਰਦਿਆਂ ਅੱਜ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਪਿੰਡ ਭੱਟੀਆਂ ਬੇਟ ਵਿਖੇ ਝਾੜੂ ਸਾੜ ਕੇ ਰੋਸ
ਪ੍ਰਦਰਸ਼ਨ ਕੀਤਾ।ਇਸ ਮੌਕੇ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਇੱਕ ਰਾਜਨੀਤਿਕ ਮੁੱਦਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਅਤੇ ਹਰ ਮਾਂ ਦੇ ਸੁਪਨਿਆਂ ਦੀ ਰਾਖੀ ਦਾ ਸਵਾਲ ਹੈ। ਅੱਜ ਪੰਜਾਬ ਦੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ
ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਹੋਵੇ ਅਤੇ ਸਰਕਾਰ ਜਨਤਾ ਨੂੰ ਦੱਸੇ ਕਿ ਨਸ਼ਿਆਂ ਦੀ ਸਪਲਾਈ ਰੋਕਣ, ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਨੂੰ 1000-1500 ਰੁਪਏ ਦੇ ਵਾਅਦਿਆਂ ਨਾਲੋਂ ਆਪਣੇ ਬੱਚਿਆਂ ਲਈ ਰੁਜ਼ਗਾਰ, ਸੁਰੱਖਿਅਤ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਚਾਹੀਦਾ ਹੈ।ਸਿੰਮਕ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਚੁੱਕੀ ਗਈ ਆਵਾਜ਼ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਅਤੇ ਪੀੜਤ ਪਰਿਵਾਰਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣਾ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਹੋਣਾ ਪੰਜਾਬ ਦੇ ਲੋਕਾਂ ਦੀ ਜਾਇਜ਼ ਉਮੀਦ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸੰਬਧੀ ਆਵਾਜ਼ ਬੁਲੰਦ ਕਰਦਾ ਰਹੇਗਾ।ਇਸ ਮੌਕੇ ਮਨਜੀਤ ਸਿੰਘ ਸੰਮਤੀ ਮੈਂਬਰ, ਇਸਤਰੀ ਵਿੰਗ ਬੀ.ਸੀ. ਦੀ ਪ੍ਰਧਾਨ ਬੀਬੀ ਕਮਲੇਸ਼ ਰਾਣੀ, ਯੂਥ ਵਿੰਗ ਦੇ ਪ੍ਰਧਾਨ ਹਰਸ਼ਵੀਰ ਸਿੰਘ ਝਮਟ, ਸਰਕਲ ਪ੍ਰਧਾਨ ਇਕਬਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਗੋਗੀ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।