ਸਹਾਇਕ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਬਲਾਚੌਰ ਵਿਖੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਨਿਰੀਖਣ

Share and Enjoy !

Shares

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਵੱਲੋਂ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦਾ ਵਿਸਤ੍ਰਿਤ ਨਿਰੀਖਣ ਕਰਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਕੀ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਿਹਤ ਵਿਭਾਗ ਪੰਜਾਬ ਵੱਲੋਂ ਨਿਰਧਾਰਿਤ 38 ਅਹਿਮ ਬਿੰਦੂਆਂ ਦੇ ਆਧਾਰ ‘ਤੇ ਹਸਪਤਾਲ ਦੀ ਕਾਰਜਪ੍ਰਣਾਲੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਵੀ ਮੌਜੂਦ ਸਨ।
          ਨਿਰੀਖਣ ਦੌਰਾਨ ਡਾ. ਬਲਜੀਤ ਕਮਲ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਅਤੇ ਸ਼ਾਖਾਵਾਂ ਦਾ ਦੌਰਾ ਕਰਦਿਆਂ ਸਾਫ਼-ਸਫ਼ਾਈ, ਆਕਸੀਜਨ ਸਪਲਾਈ, ਆਟੋ-ਸਟਾਰਟ ਜਨਰੇਟਰ, ਯੂ.ਪੀ.ਐੱਸ. ਅਤੇ ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਹਸਪਤਾਲ ਵਿੱਚ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ, ਨਸ਼ਾ ਮੁਕਤੀ ਕੇਂਦਰ ਵਿਖੇ ਦਵਾਈਆਂ ਦੇ ਸਟਾਕ ਅਤੇ ਸਬੰਧਤ ਰਿਕਾਰਡ ਦੀ ਵੀ ਸਮੀਖਿਆ ਕੀਤੀ ਗਈ।
ਉਨ੍ਹਾਂ ਵੱਲੋਂ ਫਾਇਰ ਸੇਫਟੀ, ਰੇਡੀਏਸ਼ਨ ਸੇਫਟੀ ਅਤੇ 108 ਐਂਬੂਲੈਂਸ ਸੇਵਾਵਾਂ ਦੇ ਪ੍ਰਬੰਧਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ। ਹਸਪਤਾਲ ਵਿੱਚ ਮਰੀਜ਼ਾਂ ਲਈ ਬੈਠਣ ਦੇ ਪ੍ਰਬੰਧਾਂ, ਸਾਫ਼-ਸੁਥਰੇ ਵਾਤਾਵਰਣ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਉਪਲੱਬਧਤਾ ਦਾ ਵੀ ਜਾਇਜ਼ਾ ਲਿਆ ਗਿਆ।
          ਇਸ ਮੌਕੇ ਡਾ. ਬਲਜੀਤ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਲਿਆਉਣ ਅਤੇ ਪ੍ਰਬੰਧਕੀ ਕਮੀਆਂ ਨੂੰ ਸਮੇਂ ਸਿਰ ਦੂਰ ਕਰਨ ਲਈ ਨਿਯਮਤ ਨਿਰੀਖਣ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਰੀਖਣਾਂ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ, ਸੁਰੱਖਿਅਤ ਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਹਸਪਤਾਲ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸੰਤੁਸ਼ਟੀ, ਸਫ਼ਾਈ, ਬੈਠਣ ਦੇ ਉਚਿਤ ਪ੍ਰਬੰਧਾਂ, ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਦੀ ਨਿਰੰਤਰ ਉਪਲੱਬਧਤਾ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਇਲਾਜ ਸਹੂਲਤਾਂ ਮਿਲ ਸਕਣ।

About Post Author

Share and Enjoy !

Shares

Leave a Reply

Your email address will not be published.