
ਹੁਸ਼ਿਆਰਪੁਰ (ਤਰਸੇਮ ਦੀਵਾਨਾ) — ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਹੁਸ਼ਿਆਰਪੁਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਾਸਤੇ ਇੰਦਰਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਖੇਡ ਕਲੱਬਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਵੱਲੋਂ ਕੀਤੀ ਗਈ।
ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਅਸਲ ਤਾਕਤ ਅਤੇ ਸਰਮਾਇਆ ਹੁੰਦੇ ਹਨ। ਦੇਸ਼ ਦੀ ਤਰੱਕੀ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ, ਆਪਸੀ ਸਦਭਾਵਨਾ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਇਸ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਖੇਡ ਕਲੱਬਾਂ ਨੂੰ ਸਰਗਰਮ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਹਮੇਸ਼ਾ ਯਤਨਸ਼ੀਲ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇੰਦਰਦੀਪ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ ਦੇ ਖੇਡ ਕਲੱਬਾਂ ਵਿਚਕਾਰ ਤਾਲਮੇਲ ਵਧਾਉਣਗੇ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਉਤਸ਼ਾਹਿਤ ਕਰਨਗੇ।
ਨਵ-ਨਿਯੁਕਤ ਪ੍ਰਧਾਨ ਇੰਦਰਦੀਪ ਸਿੰਘ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਪ੍ਰਗਟਾਏ ਵਿਸ਼ਵਾਸ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ, ਕਲੱਬਾਂ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਨੌਜਵਾਨਾਂ ਨੂੰ ਉਸਾਰੂ ਕੰਮਾਂ ਨਾਲ ਜੋੜਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਇਸ ਮੌਕੇ ਅਨੁਸੂਚਿਤ ਜਾਤੀ ਵਿੰਗ ਦੇ ਸਿਟੀ ਪ੍ਰਧਾਨ ਸੰਜੀਵ ਥਾਪਰ ਤੋਂ ਇਲਾਵਾ ਗੁਰਨਾਮ ਚੰਦ, ਰਮਨ ਓਬਰਾਏ, ਹਰਮਨ, ਸਾਹਿਲ, ਮੁਨੀਸ਼ ਦੁੱਗਲ, ਪੁਸ਼ਕਰ ਵਰਮਾ, ਰਾਘਵ ਸਹਿਦੇਵ, ਕਰਨ ਕੁਮਾਰ, ਰੋਹਨ, ਰਿੰਕੂ ਚੰਦ, ਅਜੈਪਾਲ, ਹਿਮਾਂਸ਼ੂ ਸ਼ਰਮਾ ਅਤੇ ਕ੍ਰਿਸ਼ ਪਾਂਡੇਈ ਸਮੇਤ ਵੱਖ-ਵੱਖ ਯੂਥ ਅਤੇ ਖੇਡ ਕਲੱਬਾਂ ਦੇ ਪ੍ਰਧਾਨ ਤੇ ਆਗੂ ਹਾਜ਼ਰ ਸਨ।