
ਫਗਵਾੜਾ (ਸ਼ਿਵ ਕੋੜਾ)| ਵਿਸ਼ਵ ਹਿੰਦੂ ਸੰਘ ਦੀ ਇੱਕ ਵਿਸ਼ੇਸ਼ ਮੀਟਿੰਗ ਰਾਸ਼ਟਰੀ ਪ੍ਰਧਾਨ ਅਜੇ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਟਾਂਡਾ ਵਿੱਚ ਕੀਤੀ ਗਈ ਗਊਆਂ ਦੀ ਹੱਤਿਆ ਦੀ ਸਖ਼ਤ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਿਤਾ ਨੇ ਕਿਹਾ ਕਿ ਸਾਡੇ ਹਿੰਦੂਆਂ ਵਿੱਚ ਗਊ ਨੂੰ ਮਾਤਾ ਦਾ ਦਰਜਾ ਦਿੱਤਾ ਜਾਂਦਾ ਹੈ ਅਤੇ ਜਿਸ ਕਿਸੇ ਨੇ ਵੀ ਇਹ ਕੁਕਰਮ ਕੀਤਾ ਹੈ, ਉਸ ਨੇ ਹਿੰਦੂਆਂ ਨੂੰ ਭੜਕਾਉਣ ਲਈ ਇਹ ਕਾਰਾ ਕੀਤਾ ਹੈ। ਪਰ ਹਿੰਦੂ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਉਨ੍ਹਾਂ ਦੀ ਸਾਜ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪਰ ਇਸਦਾ ਮਤਲਬ ਇਹ ਵੀ ਨਹੀਂ ਕਿ ਹਿੰਦੂ ਕਮਜ਼ੋਰ ਜਾਂ ਕਾਇਰ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਕੁਕਰਮ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਲੱਭ ਕੇ ਸਜ਼ਾ ਦਿੱਤੀ ਜਾਵੇ ਨਹੀਂ ਤਾਂ ਪੰਜਾਬ ਭਰ ਦਾ ਹਿੰਦੂ ਸਮਾਜ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਵਾਰ ਹਿੰਦੂ ਤਿਉਹਾਰਾਂ ਮੌਕੇ ਹਿੰਦੂ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਹੁਣ ਪੰਜਾਬ ਵਿੱਚ ਨਵੀਂ ਸਰਕਾਰ ਆ ਰਹੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਿੰਦੂਆਂ ਦੇ ਹਿੱਤਾਂ ਦੀ ਰਾਖੀ ਵਿੱਚ ਆਪਣਾ ਯੋਗਦਾਨ ਦੇਵੇਗੀ। ਇਸ ਮੌਕੇ ਕੌਮੀ ਜਨਰਲ ਸਕੱਤਰ ਅਨਿਲ ਗੋਇਲ, ਜ਼ਿਲ੍ਹਾ ਪ੍ਰਧਾਨ ਰਮਨ ਨਹਿਰਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਮੋਨੂੰ ਅਤੇ ਵਪਾਰ ਵਿੰਗ ਦੇ ਪ੍ਰਧਾਨ ਮੁਨੀਸ਼ ਸਿੰਗਲਾ ਰੌਕੀ ਵੀ ਹਾਜ਼ਰ ਸਨ।