(ਜਗਸੀਰ ਲੌਂਗੋਵਾਲ) ਸੰਗਰੂਰ। ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 131ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਅੰਬੇਡਕਰ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨਾਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਜਾਤੀਵਾਦ ਦਾ ਖਾਤਮਾ ਕਰਨ ਅਤੇ ਆਪਸੀ ਸ਼ਾਂਤਮਈ ਸਮਾਜਿਕ ਬਣਤਰ ਦੀ ਸਥਾਪਨਾ ਉਤੇ ਜ਼ੋਰ ਦਿੰਦੀ ਹੈ ਅਤੇ ਭਾਰਤ ਦਾ ਸੰਵਿਧਾਨ ਇਹ ਸਾਬਤ ਕਰਦਾ ਹੈ ਕਿ ਬਾਬਾ ਸਾਹਿਬ ਦੀ ਸੋਚ ਸਾਰਿਆਂ ਲਈ ਸਾਂਝੀ ਸੀ। ਉਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ। ਉਨਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਗੌਰਵ ਦੀ ਘੜੀ ਹੈ ਕਿ ਆਪਾਂ ਸਾਰੇ, ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਦੇ ਜਨਮ ਦਿਹਾੜੇ ਦੇ ਮੌਕੇ ’ਤੇ, ਉਨਾਂ ਦੀ ਸਮਾਜ ਪ੍ਰਤੀ ਮਹੱਤਵਪੂਰਨ ਦੇਣ ਨੂੰ ਯਾਦ ਕਰ ਰਹੇ ਹਾਂ ਅਤੇ ਉਨਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।