ਗੁਰਵਿੰਦਰ ਸਿੰਘ, ਮੋਹਾਲੀ| ਪੰਜਾਬ ਸਰਕਾਰ ਵੱਲੋਂ ਮੇਰਾ ਘਰ ਮੇਰੇ ਨਾਮ ਸਵਾਮਿਤਵਾ ਸਕੀਮ ਅਧੀਨ ਲਾਲ ਲਕੀਰ ਦੇ ਅੰਦਰ ਬਣੀਆਂ ਹੋਈਆਂ ਉਸਾਰੀਆਂ ਦੀਆਂ ਜਾਇਦਾਦਾਂ ਨੂੰ ਮਾਲਕਾਨ ਹੱਕ ਦੇਣ ਲਈ ਪ੍ਰੋਜੈਕਟ ਆਰੰਭਿਆ ਗਿਆ ਹੈ। ਜਿਸ ਦੀ ਰਿਵੀਊ ਮੀਟਿੰਗ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ । ਡਿਪਟੀ ਕਮਿਸ਼ਨਰ ਵੱਲੋਂ ਸਰਕਾਰ ਦੀ ਇਸ ਬਹੁ-ਮੰਤਵੀ ਸਕੀਮ ਨੂੰ ਲਾਗੂ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਅਤੇ ਲੰਬਿਤ ਕੰਮ ਨੂੰ ਸਮਾਂ-ਬੰਧ ਤਰੀਕੇ ਨਾਲ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਸਕੀਮ ਦੇ ਮੁਕੰਮਲ ਹੋਣ ਉਪਰੰਤ ਲਾਲ ਲਕੀਰ ਅਧੀਨ ਰਹਿੰਦੇ ਲੋਕਾਂ ਨੂੰ ਮਾਲਕਾਨ ਹੱਕ ਦਿੱਤੇ ਜਾਣਗੇ ਜਿਸ ਨਾਲ ਇਨ੍ਹਾਂ ਜਾਇਦਾਦਾਂ ਨੂੰ ਖਰੀਦੋ-ਫਰੋਖਤ ਕਰਨਾ ਅਤੇ ਰਿਕਾਰਡ ਦੀ ਸਾਂਭ-ਸੰਭਾਲ ਕਰਨੀ ਸੌਖੀ ਹੋ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਵਿ) ਅਵਨੀਤ ਕੌਰ,ਐਸ.ਡੀ.ਐਮ, ਐਸ.ਏ.ਐਸ ਨਗਰ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ, ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।