ਪਿੰਡ ਨਮੋਲ ਵਿਖੇ ‘ਮਹਿਲਾ ਕਿਸਾਨ ਦਿਵਸ 2026’ ਉਤਸ਼ਾਹ ਨਾਲ ਮਨਾਇਆ  200 ਤੋਂ ਵੱਧ ਮਹਿਲਾ ਕਿਸਾਨਾਂ ਅਤੇ ਕਿਸਾਨਾਂ ਨੇ ਕੀਤੀ ਸ਼ਮੂਲੀਅਤ ਸਬਜ਼ੀਆਂ ਦੀਆਂ ਕਿੱਟਾਂ ਅਤੇ ਫ਼ਲਦਾਰ ਬੂਟੇ ਵੰਡੇ 

Share and Enjoy !

Shares
ਲੌਂਗੋਵਾਲ ( ਜਗਸੀਰ ਸਿੰਘ)-
ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਡਾ. ਹਰਬੰਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਨਮੋਲ, ਜ਼ਿਲ੍ਹਾ ਸੰਗਰੂਰ ਵਿਖੇ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਮਹਿਲਾ ਕਿਸਾਨ ਦਿਵਸ 2026’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਕੈਂਪ ਵਿੱਚ 200 ਤੋਂ ਵੱਧ ਮਹਿਲਾ ਕਿਸਾਨਾਂ ਅਤੇ ਕਿਸਾਨਾਂ ਨੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਪਹੁੰਚੇ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਵਿਭਾਗੀ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸਹਾਇਕ ਕਿੱਤਿਆਂ ਵਿੱਚ ਮਹਿਲਾ ਕਿਸਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਅਤੇ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਸਮੇਂ ਖੇਤੀਬਾੜੀ ਵਿਭਾਗ ਵੱਲੋਂ ਡਾ. ਦਮਨ ਨੇ ਮਹਿਲਾ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਆਧੁਨਿਕ ਖੇਤੀ ਤਕਨੀਕਾਂ ਅਤੇ ਟਿਕਾਊ ਖੇਤੀ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਅਪਣਾਉਣ ਅਤੇ ਖੇਤੀ ਨਾਲ ਸਬੰਧਤ ਸਹਾਇਕ ਕਿੱਤਿਆਂ ਰਾਹੀਂ ਆਪਣੀ ਆਮਦਨ ਵਧਾਉਣ ਲਈ ਪ੍ਰੇਰਿਤ ਕੀਤਾ।
ਬਾਗਬਾਨੀ ਵਿਭਾਗ ਵੱਲੋਂ ਸ਼ਿਰਕਤ ਕਰਦਿਆਂ ਡਾ. ਲਖਵਿੰਦਰ, ਬਾਗਬਾਨੀ ਵਿਕਾਸ ਅਫ਼ਸਰ (ਐਚਡੀਓ) ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ, ਉਪਲਬਧ ਸਬਸਿਡੀਆਂ ਅਤੇ ਬਾਗਬਾਨੀ ਰਾਹੀਂ ਆਮਦਨ ਦੇ ਨਵੇਂ ਮੌਕਿਆਂ ਬਾਰੇ ਜਾਣੂ ਕਰਵਾਇਆ। ਸਮਾਗਮ ਵਿੱਚ ਵੀਰਪਾਲ ਕੌਰ, ਫਾਰੈਸਟ ਅਫ਼ਸਰ ਅਤੇ ਹਰਮਨਪ੍ਰੀਤ ਸਿੰਘ, ਸਾਬਕਾ ਚੇਅਰਮੈਨ, ਮਾਰਕੀਟ ਕਮੇਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ, ਰੁੱਖਾਂ ਦੀ ਮਹੱਤਤਾ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਸਾਨਾਂ ਨੂੰ ਵਾਤਾਵਰਨ-ਪੱਖੀ ਉਪਰਾਲੇ ਅਪਣਾਉਣ ਲਈ ਪ੍ਰੇਰਿਤ ਕੀਤਾ।
ਮਹਿਲਾ ਕਿਸਾਨਾਂ ਨੂੰ ਘਰੇਲੂ ਬਗੀਚੀ ਸਥਾਪਤ ਕਰਨ ਅਤੇ ਘਰ ਵਿੱਚ ਤਾਜ਼ੀਆਂ ਤੇ ਸਿਹਤਮੰਦ ਸਬਜ਼ੀਆਂ ਉਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਰਬੀ ਸੀਜ਼ਨ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਅਤੇ ਫ਼ਲਦਾਰ ਬੂਟੇ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਮਹਿਲਾ ਕਿਸਾਨਾਂ ਨੂੰ ਘਰੇਲੂ ਪੱਧਰ ’ਤੇ ਸਬਜ਼ੀਆਂ ਦੀ ਕਾਸ਼ਤ ਅਤੇ ਬਾਗਬਾਨੀ ਨਾਲ ਜੋੜਨਾ ਸੀ।
ਸਮਾਗਮ ਦਾ ਮੰਚ ਸੰਚਾਲਨ ਗੁਰਪਾਲ ਸਿੰਘ, ਡਿਸਟ੍ਰਿਕਟ ਕੋਆਰਡੀਨੇਟਰ, ਜੀਈਐਫ -7 ਵੱਲੋਂ ਕੀਤਾ ਗਿਆ। ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਰਣਬੀਰ ਸਿੰਘ,ਏਟੀਐਮ ਅਤੇ ਮਲਕੀਤ ਸਿੰਘ, ਫ਼ੀਲਡ ਅਫ਼ਸਰ ਨੇ ਵਿਸ਼ੇਸ਼ ਯੋਗਦਾਨ ਪਾਇਆ ਅਤੇ ਪੂਰਨ ਸਹਿਯੋਗ ਦਿੱਤਾ।
ਅੰਤ ਵਿੱਚ ਸਮਾਗਮ ਵਿੱਚ ਸ਼ਾਮਲ ਹੋਏ ਕਿਸਾਨਾਂ ਅਤੇ ਮਹਿਲਾਵਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਹ ਸਮਾਗਮ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ, ਨਵੀਆਂ ਤਕਨੀਕਾਂ ਅਪਣਾਉਣ ਅਤੇ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਸਾਬਤ ਹੋਇਆ।

About Post Author

Share and Enjoy !

Shares

Leave a Reply

Your email address will not be published.