
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਨੋਜਵਾਨ ਆਗੂ ਅਤੇ ਪੰਜਾਬ ਕੋਰ ਕਮੇਟੀ ਮੈਂਬਰ ਸਰਪੰਚ ਨਿਸ਼ਾਨਵੀਰ ਸਿੰਘ ਭੀਣ ਨੇ ਸਮਾਜ ਸੇਵਕ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਸਰਦਾਰ ਨਿਸ਼ਾਨਵੀਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵਕ ਪ੍ਰਮਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਰਦਾਰ ਨਿਸ਼ਾਨਵੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਲੁੱਟ-ਖੋਹ, ਕਤਲਾਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਿਆਂ ਦੇ ਖਾਤਮੇ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਵੱਡੀਆਂ ਉਮੀਦਾਂ ਰੱਖਣ ਦੀ ਬਜਾਏ ਹੁਣ ਲੋਕਾਂ ਨੂੰ ਖੁਦ ਜਾਗਰੂਕ ਹੋ ਕੇ ਸਮਾਜ ਵਿਰੋਧੀ ਤਾਕਤਾਂ ਖ਼ਿਲਾਫ਼ ਇਕਜੁੱਟ ਹੋਣਾ ਪਵੇਗਾ ਅਤੇ ਕਾਨੂੰਨੀ ਤੇ ਜਮਹੂਰੀ ਢੰਗ ਨਾਲ ਆਪਣੀ
ਆਵਾਜ਼ ਬੁਲੰਦ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਦਖ਼ਲ ਦੇਣ ਵਾਲੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸੂਬੇ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਲੋੜ ਹੈ।ਸਰਦਾਰ ਨਿਸ਼ਾਨਵੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਲੋਕਾਂ ਨੂੰ ਆਪਸ ਵਿੱਚ ਵੰਡਣ ਦੀ ਬਜਾਏ ਸੂਬੇ ਦੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਅਮਨ-ਸ਼ਾਂਤੀ, ਨੌਜਵਾਨ ਪੀੜ੍ਹੀ ਦੇ ਭਵਿੱਖ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਰਿਆਂ ਨੂੰ ਇਕ ਆਵਾਜ਼ ਵਿੱਚ ਮੰਗ ਉਠਾਉਣੀ ਚਾਹੀਦੀ ਹੈ, ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਅੰਤ ਵਿੱਚ ਸਰਦਾਰ ਨਿਸ਼ਾਨਵੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੁੰਡਾਗਰਦੀ ਅਤੇ ਅਪਰਾਧ ਤੋਂ ਮੁਕਤ ਕਰਨ ਲਈ ਲੋਕਾਂ ਦੀ ਜਾਗਰੂਕਤਾ, ਇਕਜੁੱਟਤਾ ਅਤੇ ਸਰਕਾਰ ਦੀ ਜਵਾਬਦੇਹੀ ਬੇਹੱਦ ਜ਼ਰੂਰੀ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਲੋਕਾਂ ਦੀ ਸੁਰੱਖਿਆ ਲਈ ਹਰ ਪੰਜਾਬੀ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।