
ਹੁਸ਼ਿਆਰਪੁਰ(ਤਰਸੇਮ ਦੀਵਾਨਾ) — ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਉੱਪ ਚੇਅਰਮੈਨ ਕ੍ਰਿਸ਼ਨ ਲਾਲ ਬਈਏਵਾਲ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਤੇ ਗੰਭੀਰ ਸਵਾਲ ਉਠਾਏ ਹਨ।
ਧਰਮਪਾਲ ਸਾਹਨੇਵਾਲ ਅਤੇ ਕ੍ਰਿਸ਼ਨ ਲਾਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਸਿਰਫ਼ ਬਿਆਨਾਂ ਅਤੇ ਐਲਾਨਾਂ ਨਾਲ ਸਾਬਤ ਨਹੀਂ ਹੋ ਸਕਦੀ, ਸਗੋਂ ਇਸ ਦਾ ਮੁਲਾਂਕਣ ਜ਼ਮੀਨੀ ਪੱਧਰ ’ਤੇ ਹੋ ਰਹੀ ਕਾਰਵਾਈ ਤੋਂ ਕੀਤਾ ਜਾਣਾ ਚਾਹੀਦਾ ਹੈ।
ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਨੇ ਇਹ ਗੰਭੀਰ ਸਵਾਲ ਖੜ੍ਹਾ ਕੀਤਾ ਹੈ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਾ ਹਟੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ।
ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਲੋੜੀਂਦੀ ਸਖ਼ਤੀ ਨਾ ਹੋਣ ਕਾਰਨ ਨੌਜਵਾਨ ਪੀੜ੍ਹੀ ਇਸ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਧਰਮਪਾਲ ਸਾਹਨੇਵਾਲ ਤੇ ਕ੍ਰਿਸ਼ਨ ਲਾਲ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦਾ ਰਾਜਨੀਤਿਕ ਦਬਾਅ ਜਾਂ ਪੱਖਪਾਤ ਨਹੀਂ ਹੋਣਾ ਚਾਹੀਦਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੇ ਹੁਣ ਤੱਕ ਕੀ ਨਤੀਜੇ ਨਿਕਲੇ ਹਨ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਲਈ ਕੀ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਸਿਰਫ਼ ਭਰੋਸਿਆਂ ਦੀ ਨਹੀਂ, ਸਗੋਂ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਅਤੇ ਸਰਕਾਰ ਦੀ ਜਵਾਬਦੇਹੀ ਦੀ ਲੋੜ ਹੈ।