
ਫਗਵਾੜਾ (ਸ਼ਿਵ ਕੋੜਾ) : ਵਾਲਮੀਕਿ/ਮਜਹਬੀ ਸਿੱਖ ਭਾਈਚਾਰੇ ਨੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਆਲ ਇੰਡੀਆ ਰੰਗਰੇਟਾ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ: ਜੋਗਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਫਗਵਾੜਾ ‘ਚ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤੇ ਜਾਣ ਤੋਂ ਪਹਿਲਾਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੀਬਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਇਸ ਲਈ ਸੰਗਰੂਰ ਦੀ ਲੋਕ ਸਭਾ ਉਪ ਚੋਣ ਵਿਚ ਭਾਈਚਾਰਾ ‘ਆਪ’ ਦਾ ਸਮਰਥਨ ਕਰੇਗਾ। ਸ: ਜੋਗਿੰਦਰ ਸਿੰਘ ਮਾਨ ਨੇ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਚੋਣ ਮੈਦਾਨ ਵਿੱਚ ਡੱਟਣ ਅਤੇ ਜਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਉਨ੍ਹਾਂ ‘ਆਪ’ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ। ਸ: ਮਾਨ ਨੇ ਦੱਸਿਆ ਕਿ ਉਹ ਆਪ ਵੀ ਸੰਗਰੂਰ ਵਿੱਚ ਡੇਰਾ ਲਾਉਣ ਜਾ ਰਹੇ ਹਨ ਅਤੇ ‘ਆਪ’ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਸਮੁੱਚੇ ਕਾਡਰ ਨੂੰ ਇਕੱਠਾ ਕਰਨਗੇ। ਉਨ੍ਹਾਂ ਜਿਮਨੀ ਚੋਣ ’ਚ ‘ਆਪ’ ਵੱਡੀ ਜਿੱਤ ਨੂੰ ਕੰਧ ’ਤੇ ਲਿਖਿਆ ਸੱਚ ਦੱਸਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕਈ ਅਜਿਹੇ ਅਹਿਮ ਫੈਸਲੇ ਲਏ ਹਨ ਜਿਨ੍ਹਾਂ ਬਾਰੇ ਪੰਜਾਬ ’ਚ ਪਿਛਲੇ 70 ਸਾਲਾਂ ’ਚ ਕਦੇ ਸੋਚਿਆ ਵੀ ਨਹੀਂ ਸੀ।