
ਘਰ-ਘਰ ਜਾ ਕੇ ਨਵੇਂ ਦਾਖਲਿਆਂ ਸਬੰਧੀ ਮਾਪਿਆਂ ਨੂੰ ਜਾਗਰੂਕ ਕਰ ਰਹੇ ਹਨ ਅਧਿਆਪਕ
ਹੀਰੋਂ ਖ਼ੁਰਦ,(ਗੁਰਵਿੰਦਰ ਸਿੰਘ ਚਹਿਲ) : ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ 2023-24 ਲਈ ਦਾਖਲਿਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਮਾਪਿਆਂ ਨੂੰ ਜਾਗਰੂਕ ਕਰ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੀ ਮੁਹਿੰਮ ਆਰੰਭੀ ਹੋਈ ਹੈ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਅਮਨਦੀਪ ਸਿੰਘ ਨੇ ਦੱਸਿਆ ਕਿ ਨਵੇਂ ਦਾਖਲਿਆਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਰੋਜ਼ ਘਰ-ਘਰ ਜਾ ਕੇ ਮਾਪਿਆਂ ਨੂੰ ਮਿਲ ਕੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰ ਰਹੇ ਹਨ ਤੇ ਖ਼ਾਸ ਤੌਰ ‘ਤੇ ਪ੍ਰੀ ਪ੍ਰਾਇਮਰੀ ਜਮਾਤਾਂ (ਐਲਕੇਜੀ ਤੇ ਯੂਕੇਜੀ) ਵਿੱਚ ਵਧੀਆ ਦਾਖਲੇ ਹੋ ਰਹੇ ਹਨ। ਉਹਨਾਂ ਦੱਸਿਆ ਕਿ ਅਧਿਆਪਕਾਂ ਦੀ ਮਿਹਨਤ ਦੇ ਬਲਬੂਤੇ ਬਹੁਤ ਸਾਰੇ ਵਿਦਿਆਰਥੀ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮਾਨਸਾ ਜ਼ਿਲ੍ਹੇ ਲਈ ਸੋਨੇ,ਚਾਂਦੀ ਤੇ ਕਾਂਸੇ ਦੇ ਮੈਡਲ ਜਿੱਤ ਕੇ ਲਿਆਏ ਹਨ,ਜਿਹਨਾਂ ਦਾ ਸਕੂਲ ਸਟਾਫ਼,ਸਿੱਖਿਆ ਅਧਿਕਾਰੀਆਂ, ਪਿੰਡ ਤੇ ਸ਼ਹਿਰ ਦੇ ਪਤਵੰਤਿਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ,ਜਿਹਨਾਂ ਤੋਂ ਪ੍ਰੇਰਿਤ ਹੋ ਕੇ ਬਹੁਤ ਸਾਰੇ ਵਿਦਿਆਰਥੀ ਖੇਡਾਂ ਪ੍ਰਤੀ ਚੇਤੰਨ ਹੋਣ ਲੱਗ ਪਏ ਹਨ ਅਤੇ ਉਨ੍ਹਾਂ ਵੱਲੋਂ ਹੁਣੇ ਤੋਂ ਤਿਆਰੀ ਖਿੱਚ ਲਈ ਹੈ ਜੋ ਕਿ ਬਹੁਤ ਵਧੀਆ ਕਾਰਜ ਹੈ।ਅਮਨਦੀਪ ਸਿੰਘ ਨੇ ਦੱਸਿਆ ਕਿ ਅਧਿਆਪਕ ਹਰ ਰੋਜ਼ ਮਾਪਿਆਂ ਦੇ ਦਰਾਂ ‘ਤੇ ਜਾ ਕੇ ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ਼ ਜੋੜਨ ਲਈ ਅਪੀਲ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਤੇ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਨੂੰ ਨਵੀਆਂ ਤੇ ਤਕਨੀਕੀ ਸਹੂਲਤਾਂ ਨਾਲ ਲੈਸ ਕਰਨ ਲਈ ਸਮੇਂ ਸਮੇਂ ‘ਤੇ ਗਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਬੱਚਿਆਂ ਨੂੰ ਨਿੱਜੀ ਸਕੂਲਾਂ ਦੇ ਹਾਣ ਦਾ ਬਣਾਇਆ ਜਾ ਸਕੇ।
