ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਵਾਉਣਾ ਸਮੇਂ ਦੀ ਲੋੜ – ਸਰਪੰਚ ਘਰਿਆਲੀ 

Share and Enjoy !

Shares
( ਗੁਰਕੀਰਤ ਸਿੰਘ ਸਕੱਤਰਾ)  ਖੇਮਕਰਨ/ਅਮਰਕੋਟ : ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਘਰਿਆਲੀ ਨੇ ਕਿਹਾ ਕਿ ਗੁਰੂ ਘਰ ਦੀਆਂ ਸਰਾਵਾਂ ਨਾਲ ਜੁੜੇ ਸਾਹਮਣੇ ਆ ਰਹੇ ਗੰਭੀਰ ਦੋਸ਼ਾਂ ਨੇ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਅਤੇ ਪ੍ਰਬੰਧਕਾਂ ਦੀ ਜਵਾਬਦੇਹੀ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਘਰਿਆਲੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ’ਤੇ ਅਜਿਹੇ ਗੰਭੀਰ ਦੋਸ਼ ਲੱਗ ਰਹੇ ਹਨ, ਉਨ੍ਹਾਂ ਵੱਲੋਂ ਧਾਰਮਿਕ ਅਤੇ ਸਿਆਸੀ ਅਹੁਦੇ ਸੰਭਾਲਣ ਦੇ ਮਾਮਲੇ ’ਤੇ ਵੀ ਸੰਗਤ ਨੂੰ ਸਪੱਸ਼ਟ ਜਵਾਬ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਬੰਧਤ ਵਿਅਕਤੀ ਖ਼ਿਲਾਫ਼ ਕਾਨੂੰਨੀ ਅਤੇ ਧਾਰਮਿਕ ਪੱਧਰ ’ਤੇ ਕਾਰਵਾਈ ਹੋ ਚੁੱਕੀ ਹੈ, ਪਰ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਆਗੂ ਦੂਜੀਆਂ ਪਾਰਟੀਆਂ ਦੇ ਆਗੂਆਂ ਦੀਆਂ ਛੋਟੀਆਂ-ਛੋਟੀਆਂ ਗੱਲਾਂ ਨੂੰ ਵੱਡਾ ਮੁੱਦਾ ਬਣਾ ਕੇ ਲੋਕਾਂ ਸਾਹਮਣੇ ਪੇਸ਼ ਕਰਦੇ ਰਹੇ ਹਨ, ਉਹ ਹੁਣ ਆਪਣੇ ਹੀ ਆਗੂਆਂ ਨਾਲ ਜੁੜੇ ਗੰਭੀਰ ਦੋਸ਼ਾਂ ਦੇ ਮਾਮਲੇ ’ਤੇ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵੱਡੇ-ਵੱਡੇ ਬੁਲਾਰੇ ਸੋਸ਼ਲ ਮੀਡੀਆ ’ਤੇ ਹਰ ਮਾਮਲੇ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਰਹੇ ਹਨ, ਪਰ ਇਸ ਮਾਮਲੇ ਵਿੱਚ ਉਨ੍ਹਾਂ ਦੀ ਚੁੱਪੀ ’ਤੇ ਵੀ ਸਵਾਲ ਉੱਠ ਰਹੇ ਹਨ। ਸੁਰਿੰਦਰ ਪਾਲ ਸਿੰਘ ਘਰਿਆਲੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਕਾਰਗੁਜ਼ਾਰੀ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਗਤ ਦੇ ਭਰੋਸੇ ਨਾਲ ਚੱਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿਆਸੀ ਪ੍ਰਭਾਵ ਨੂੰ ਖ਼ਤਮ ਕਰਕੇ ਸੰਸਥਾ ਨੂੰ ਆਜ਼ਾਦ ਅਤੇ ਜਵਾਬਦੇਹ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਿਸੇ ਵੀ ਸਿਆਸੀ ਦਬਾਅ ਤੋਂ ਬਿਨਾਂ ਹੋਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਅਤੇ ਸੰਗਤ ਦੇ ਵਿਸ਼ਵਾਸ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ। ਘਰਿਆਲੀ ਨੇ ਕਿਹਾ ਕਿ ਬਾਦਲ ਪਰਿਵਾਰ ਨਾਲ ਜੁੜੇ ਅਕਾਲੀ ਆਗੂਆਂ ਨੂੰ ਵੀ ਇਸ ਪੂਰੇ ਮਾਮਲੇ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਦੇ ਮਨਾਂ ਵਿੱਚ ਪੈਦਾ ਹੋਏ ਸਵਾਲਾਂ ਦੇ ਜਵਾਬ ਮਿਲ ਸਕਣ।

About Post Author

Share and Enjoy !

Shares

Leave a Reply

Your email address will not be published.