
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ); ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਬਲਾਚੌਰ ਸੇਠੀ ਸਰਪੰਚ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੇਠੀ ਸਰਪੰਚ ਥੋਪੀਆ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ ਅਤੇ ਅਜਿਹੀਆਂ ਹਿੰਸਕ ਘਟਨਾਵਾਂ ਸਮਾਜ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੀਆਂ ਹਨ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਭਵਿੱਖ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕੀਤੀ ਜਾਵੇ। ਅੰਤ ਵਿੱਚ ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।